टॉप न्यूज़

CM ਮਾਨ ਦਾ ਵੱਡਾ ਸਿਆਸੀ ਦਾਅਵਾ

ਭਲਾਈ ਸਕੀਮਾਂ ਨੂੰ ਲੈ ਕੇ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਕੇਰੀਆਂ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਸਰਕਾਰ ਦੀਆਂ ਉਪਲਬਧੀਆਂ ਗਿਣਾਈਆਂ ਅਤੇ ਵਿਰੋਧੀ ਧਿਰਾਂ ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹਰ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਦਾ ਟੀਚਾ ਲੋਕਾਂ ਦੇ ਭਰੋਸੇ ਅਤੇ ਸਹਿਯੋਗ ਨਾਲ ਲਗਾਤਾਰ ਅੱਗੇ ਵੱਧ ਰਿਹਾ ਹੈ।
ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਖੇਤੀਬਾੜੀ ਅਤੇ ਸਮਾਜਿਕ ਭਲਾਈ ਨਾਲ ਜੁੜੀਆਂ ਕਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀ ਤਰਜੀਹ ਸੱਤਾ ਹਾਸਲ ਕਰਨਾ ਨਹੀਂ, ਸਗੋਂ ਲੋਕਾਂ ਦੀ ਜ਼ਿੰਦਗੀ ਵਿੱਚ ਸੁਧਾਰ ਲਿਆਉਣਾ ਹੈ।
ਮੁੱਖ ਮੰਤਰੀ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਰਟੀ ਅੰਦਰ ਅਜੇ ਵੀ ਲੀਡਰਸ਼ਿਪ ਨੂੰ ਲੈ ਕੇ ਖਿੱਚੋਤਾਣ ਜਾਰੀ ਹੈ ਅਤੇ ਹਰ ਆਗੂ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧੀ ਧਿਰ ਲੋਕਾਂ ਦੇ ਮੁੱਦਿਆਂ ਨਾਲੋਂ ਵੱਧ ਆਪਣੀ ਅੰਦਰੂਨੀ ਸਿਆਸਤ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਦੇ ਕੁਝ ਆਗੂ ਪਹਿਲਾਂ ਹੀ ਭਲਾਈ ਸਕੀਮਾਂ ਬੰਦ ਕਰਨ ਦੀ ਗੱਲ ਕਰ ਚੁੱਕੇ ਹਨ।
ਅਕਾਲੀ ਦਲ ‘ਤੇ ਹਮਲਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਪਿਛਲੇ ਸਮੇਂ ਦੌਰਾਨ ਇਸ ਪਾਰਟੀ ਨੂੰ ਕਈ ਮੌਕੇ ਦਿੱਤੇ, ਪਰ ਉਮੀਦਾਂ ਅਨੁਸਾਰ ਵਿਕਾਸ ਨਹੀਂ ਹੋ ਸਕਿਆ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਪੁਰਾਣੀ ਰਾਜਨੀਤੀ ਤੋਂ ਅੱਗੇ ਵੱਧ ਚੁੱਕੇ ਹਨ ਅਤੇ ਕੰਮ ਦੇ ਆਧਾਰ ‘ਤੇ ਫੈਸਲੇ ਕਰ ਰਹੇ ਹਨ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਅਕਾਲੀ ਦਲ ਨੇ ਆਪਣੇ ਸ਼ਾਸਨ ਦੌਰਾਨ ਸੂਬੇ ਨੂੰ ਕਈ ਸਮੱਸਿਆਵਾਂ ਵੱਲ ਧੱਕਿਆ।
ਬੇਅਦਬੀ ਦੇ ਮਾਮਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਦੋਸ਼ੀ ਕਿਸੇ ਵੀ ਕੀਮਤ ‘ਤੇ ਬਚ ਨਹੀਂ ਸਕਣਗੇ ਅਤੇ ਕਾਨੂੰਨ ਅਨੁਸਾਰ ਕਾਰਵਾਈ ਜਾਰੀ ਰਹੇਗੀ।
ਸਰਕਾਰ ਦੀਆਂ ਯੋਜਨਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲ ਰਿਹਾ ਹੈ। ਇਸ ਤੋਂ ਇਲਾਵਾ 68 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਸੜਕਾਂ ਦੇ ਵਿਕਾਸ ‘ਤੇ ਕੰਮ ਹੋਇਆ ਹੈ ਅਤੇ ਕਈ ਟੋਲ ਪਲਾਜ਼ੇ ਬੰਦ ਕਰਕੇ ਲੋਕਾਂ ਦਾ ਪੈਸਾ ਬਚਾਇਆ ਗਿਆ ਹੈ।
ਖੇਤੀਬਾੜੀ ਖੇਤਰ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਨਹਿਰੀ ਪਾਣੀ ਦੀ ਵਰਤੋਂ ਵਿੱਚ ਵੱਡਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਨਹਿਰਾਂ ਅਤੇ ਦਰਿਆਵਾਂ ਦੇ ਰੀਚਾਰਜ ਪੁਆਇੰਟ ਬਣਾਉਣ ਕਾਰਨ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਵੀ ਸੁਧਾਰ ਦਰਜ ਕੀਤਾ ਗਿਆ ਹੈ, ਜੋ ਭਵਿੱਖ ਲਈ ਇੱਕ ਅਹਿਮ ਕਦਮ ਹੈ।
ਸਿੱਖਿਆ ਦੇ ਖੇਤਰ ਵਿੱਚ ਸਰਕਾਰ ਦੀਆਂ ਕੋਸ਼ਿਸ਼ਾਂ ਬਾਰੇ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਅਧਿਆਪਕਾਂ ਦੀ ਸਿਖਲਾਈ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਕਾਰਨ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਦੇ ਖੇਤਰ ਵਿੱਚ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇਵੇਗੀ।
ਸਿਹਤ ਸੇਵਾਵਾਂ ਬਾਰੇ ਮੁੱਖ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਹੈਲਥ ਕਾਰਡ ਜਾਰੀ ਕੀਤੇ ਜਾ ਰਹੇ ਹਨ, ਜਿਨ੍ਹਾਂ ਰਾਹੀਂ ਹਰ ਪਰਿਵਾਰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਕੀਮ ਰਾਹੀਂ ਹਜ਼ਾਰਾਂ ਪਰਿਵਾਰ ਪਹਿਲਾਂ ਹੀ ਲਾਭ ਪ੍ਰਾਪਤ ਕਰ ਚੁੱਕੇ ਹਨ।
ਮਹਿਲਾਵਾਂ ਲਈ ਚਲਾਈ ਜਾ ਰਹੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਯੋਗ ਮਹਿਲਾਵਾਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜਿਨ੍ਹਾਂ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਪਹਿਲਾਂ ਨਹੀਂ ਹੋ ਸਕੀ, ਉਨ੍ਹਾਂ ਨੂੰ ਅਗਸਤ ਮਹੀਨੇ ਵਿੱਚ ਬਕਾਇਆ ਰਕਮ ਇਕੱਠੀ ਜਾਰੀ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਕੋਲ ਲੋਕ ਭਲਾਈ ਯੋਜਨਾਵਾਂ ਨੂੰ ਜਾਰੀ ਰੱਖਣ ਲਈ ਲੋੜੀਂਦੇ ਫੰਡ ਮੌਜੂਦ ਹਨ ਅਤੇ ਇਨ੍ਹਾਂ ਸਕੀਮਾਂ ਨੂੰ ਨਿਰੰਤਰ ਚਲਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਅਤੇ ਕੰਮ ਦੇ ਆਧਾਰ ‘ਤੇ ਆਪਣਾ ਸਮਰਥਨ ਜਾਰੀ ਰੱਖਣ ਤਾਂ ਜੋ ਪੰਜਾਬ ਨੂੰ ਹਰ ਖੇਤਰ ਵਿੱਚ ਹੋਰ ਮਜ਼ਬੂਤ ਬਣਾਇਆ ਜਾ ਸਕੇ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!