
ਅੰਮ੍ਰਿਤਸਰ ਦੀ ਸਿਆਸਤ ਵਿੱਚ ਉਥਲ-ਪੁਥਲ ਮੱਚੀ ਹੋਈ ਹੈ। ਦਰਅਸਲ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀਆਂ ਵਿਚਾਲੇ ਤੋੜ-ਜੋੜ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦਰਅਸਲ, ਸ਼੍ਰੋਮਣੀ ਅਕਾਲੀ ਦਲ ਨੂੰ ਉਦੋਂ ਵੱਡਾ ਝਟਕਾ ਲੱਗਿਆ, ਜਦੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਐੱਸ.ਸੀ. ਵਿੰਗ ਦੇ ਪ੍ਰਧਾਨ ਸੰਦੀਪ ਸਿੰਘ ਜੰਡਿਆਲਾ ਆਪਣੇ ਸੈਂਕੜੇ ਸਾਥੀਆਂ ਸਣੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਗਏ। ਇਸ ਘਟਨਾ ਨੂੰ ਅਕਾਲੀ ਦਲ ਬਾਦਲ ਲਈ ਵੱਡੇ ਸਿਆਸੀ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ।
ਮਾਝਾ ਜ਼ੋਨ ਦੇ ਇੰਚਾਰਜ ਭਾਈ ਅਮਰਜੀਤ ਸਿੰਘ ਵੰਨਚਿੜੀ ਨੇ ਸੰਦੀਪ ਸਿੰਘ ਜੰਡਿਆਲਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ। ਪਾਰਟੀ ਆਗੂਆਂ ਨੇ ਦਾਅਵਾ ਕੀਤਾ ਕਿ ਇਸ ਮੌਕੇ ਕਰੀਬ 200 ਨੌਜਵਾਨ ਵਾਰਿਸ ਪੰਜਾਬ ਦੇ ਨਾਲ ਜੁੜੇ ਹਨ।
ਭਾਈ ਅਮਰਜੀਤ ਸਿੰਘ ਵੰਨਚਿੜੀ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਹੁਣ ਉਹ ਅਜਿਹੀ ਲੀਡਰਸ਼ਿਪ ਦੀ ਭਾਲ ਕਰ ਰਹੇ ਹਨ, ਜੋ ਪੰਜਾਬ, ਪੰਜਾਬੀਅਤ ਅਤੇ ਪੰਥਕ ਹਿੱਤਾਂ ਦੀ ਨੁਮਾਇੰਦਗੀ ਕਰ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਵਾਰਿਸ ਪੰਜਾਬ ਦੇ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ।
ਪਾਰਟੀ ਆਗੂਆਂ ਨੇ ਇਹ ਵੀ ਕਿਹਾ ਕਿ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਜਥੇਬੰਦੀ ਦੇ ਵਿਸਥਾਰ ਲਈ ਵਰਤਿਆ ਜਾਵੇਗਾ। ਇਸ ਮੌਕੇ ਸੰਦੀਪ ਸਿੰਘ ਜੰਡਿਆਲਾ ਨੇ ਕਿਹਾ ਕਿ ਉਹ ਵਾਰਿਸ ਪੰਜਾਬ ਦੇ ਦੀ ਸੋਚ, ਨੌਜਵਾਨ ਲੀਡਰਸ਼ਿਪ ਅਤੇ ਪੰਜਾਬ ਦੇ ਹੱਕਾਂ ਲਈ ਕੀਤੇ ਜਾ ਰਹੇ ਯਤਨਾਂ ਤੋਂ ਪ੍ਰਭਾਵਿਤ ਹੋ ਕੇ ਆਪਣੇ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਲਗਨ ਨਾਲ ਕੰਮ ਕਰਨਗੇ।
EDITED BY- HARLEEN KAUR



