
ਭੋਗਪੁਰ ਤੋਂ ਕਰੀਬ 3 ਕਿਲੋਮੀਟਰ ਦੂਰ ਪਿੰਡ ਖਰਲਾਂ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਨਾਮ ਸਿੰਘ (60) ਅਤੇ ਉਸ ਦੀ ਪਤਨੀ ਮਨਜੀਤ ਕੌਰ (55) ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਦੋਵੇਂ ਗੁਰਦਾਸਪੁਰ ਤੋਂ ਪਤਿਆਲਾ ਵੱਲ ਜਾ ਰਹੇ ਸਨ। ਇਸ ਦੌਰਾਨ ਹਾਈਵੇਅ ‘ਤੇ ਲੰਘ ਰਹੀ ਬੱਸ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਮਨਜੀਤ ਕੌਰ ਆਪਣੇ ਪੇਕੇ ਪਿੰਡ ਪਤਿਆਲਾ ਵਿਖੇ ਭਰਾ ਲਈ ਰੱਖੜੀ ਲੈ ਕੇ ਜਾ ਰਹੀ ਸੀ। ਰੱਖੜੀ ਦੇ ਤਿਉਹਾਰ ਤੋਂ ਪਹਿਲਾਂ ਵਾਪਰੀ ਇਸ ਅਣਹੋਣੀ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ।
ਹਾਦਸੇ ਦੀ ਸੂਚਨਾ ਮਿਲਣ ‘ਤੇ ਸੜਕ ਸੁਰੱਖਿਆ ਫੋਰਸ ਦੇ ਏ.ਐੱਸ.ਆਈ. ਰਣਧੀਰ ਸਿੰਘ ਸਾਥੀ ਮੁਲਾਜ਼ਮਾਂ ਸਮੇਤ ਮੌਕੇ ‘ਤੇ ਪਹੁੰਚੇ। ਪੁਲਸ ਨੇ ਦੋਵਾਂ ਦੀਆਂ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
ਭੋਗਪੁਰ ਥਾਣੇ ਦੇ ਏ.ਐੱਸ.ਆਈ. ਤਲਵਿੰਦਰ ਸਿੰਘ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ‘ਤੇ ਬੱਸ ਛੱਡ ਕੇ ਫਰਾਰ ਹੋ ਗਿਆ। ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਫਰਾਰ ਡਰਾਈਵਰ ਨੂੰ ਜਲਦ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
EDITED BY- HARLEEN KAUR



