ਫਤਿਹਗੜ੍ਹ ਸਾਹਿਬ ‘ਚ ਪਤੀ-ਪਤਨੀ ਦੀ ਮੌਤ
ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ

ਫਤਿਹਗੜ੍ਹ ਸਾਹਿਬ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਚੰਡੀਗੜ੍ਹ ਵਾਸੀ ਪਤੀ-ਪਤਨੀ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੇ ਘਰ ਵਾਪਸ ਜਾ ਰਹੇ ਸਨ। ਮ੍ਰਿਤਕਾਂ ਦੀ ਪਛਾਣ ਧਰਮਵੀਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਸ਼ਸ਼ੀ ਬਾਲਾ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਇਹ ਹਾਦਸਾ ਪਿੰਡ ਆਲਮਪੁਰ ਨੇੜੇ ਵਾਪਰਿਆ। ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੇ ਉਨ੍ਹਾਂ ਦੀ ਸਕੂਟੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਅਤੇ ਮੌਕੇ ‘ਤੇ ਹੀ ਉਨ੍ਹਾਂ ਦੀ ਮੌਤ ਹੋ ਗਈ।
ਹਾਦਸੇ ਤੋਂ ਬਾਅਦ ਘਟਨਾ ਸਥਾਨ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਸੂਚਨਾ ਮਿਲਦੇ ਹੀ ਥਾਣਾ ਬੱਸੀ ਪਠਾਣਾ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਂਚ ਅਧਿਕਾਰੀ ਹਰਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹਾਦਸੇ ਵਿੱਚ ਸ਼ਾਮਲ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਟਰੱਕ ਚਾਲਕ ਦਲਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਫਿਲਹਾਲ ਫਰਾਰ ਹੈ ਅਤੇ ਉਸ ਦੀ ਭਾਲ ਜਾਰੀ ਹੈ।
EDITED BY- HARLEEN KAUR




