
ਪੰਜਾਬ ਭਰ ਦੀਆਂ ਲੱਖਾਂ ਔਰਤਾਂ ਦੀ ਲੰਬੀ ਉਡੀਕ ਅੱਜ ਉਸ ਸਮੇਂ ਖਤਮ ਹੋ ਗਈ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕੀਤੀ, ਅਤੇ ਇਸ ਤਰ੍ਹਾਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੀ ਗਈ ਆਖਰੀ ਚੋਣ ਗਾਰੰਟੀ ਨੂੰ ਪੂਰਾ ਕੀਤਾ।
ਧੂਰੀ ਵਿਖੇ ਵਿਸ਼ੇਸ਼ ਵੈੱਬ ਪੋਰਟਲ ਰਾਹੀਂ ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਸਿੱਧੀ ਟ੍ਰਾਂਸਫਰ ਕਰਨ ਦਾ ਐਲਾਨ ਕੀਤਾ, ਜਿਸ ਤਹਿਤ ਹਰੇਕ ਔਰਤ ਨੂੰ 3,000 ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 4,500 ਮਿਲੇ ਹਨ। ਸਮਾਗਮ ਦੌਰਾਨ ਹੀ ਲਾਭਪਾਤਰੀਆਂ ਨੂੰ ਭੁਗਤਾਨ ਸ਼ੁਰੂ ਹੋ ਗਿਆ ਅਤੇ ਔਰਤਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ `ਤੇ ਐਸ.ਐਮ.ਐਸ. ਰਾਹੀਂ ਪੈਸੇ ਖ਼ਾਤੇ ਵਿੱਚ ਆਉਣ ਦਾ ਸੰਦੇਸ਼ ਮਿਲਿਆ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ 40 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਪਹਿਲਾਂ ਹੀ ਹੋ ਚੁੱਕੀ ਹੈ।
ਉਨ੍ਹਾਂ ਕਿਹਾ, “ਜੁਲਾਈ ਤੋਂ ‘ਸਤਿਕਾਰ ਰਾਸ਼ੀ’ ਦੀ ਸ਼ੁਰੂਆਤ ਹੋ ਗਈ ਹੈ ਅਤੇ ਇਹ ਔਰਤਾਂ ਦੇ ਸਸ਼ਕਤੀਕਰਨ ਦਾ ਰਾਹ ਪੱਧਰਾ ਕਰੇਗੀ। ਇਹ ਇੱਕ ਅਭਿਲਾਸ਼ੀ ਯੋਜਨਾ ਹੈ ਅਤੇ ਅਸੀਂ ਇਸਨੂੰ ਪੂਰੀ ਯੋਜਨਾਬੰਦੀ ਨਾਲ ਸ਼ੁਰੂ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹ ਸਥਾਈ ਤੌਰ ‘ਤੇ ਜਾਰੀ ਰਹੇ।




