टॉप न्यूज़

ਭਲਕੇ ਹੁਸ਼ਿਆਰਪੁਰ ਬੰਦ ਦੀ ਕਾਲ

ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਕਥਿਤ ਤੌਰ ’ਤੇ ਹੋਈ ਛੇੜਛਾੜ ਤੋਂ ਬਾਅਦ ਦਲਿਤ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇਸ ਘਟਨਾ ਦੇ ਵਿਰੋਧ ਵਿੱਚ ਅੱਜ ਲੁਧਿਆਣਾ ਬੰਦ ਕਰਵਾਇਆ ਗਿਆ।

ਇਸੇ ਮਾਮਲੇ ਨੂੰ ਲੈ ਕੇ ਅੱਜ ਹੋਸ਼ਿਆਰਪੁਰ ਵਿੱਚ ਐੱਸ.ਸੀ. ਭਾਈਚਾਰੇ ਦੇ ਲੋਕਾਂ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਕੱਲ੍ਹ ਹੁਸ਼ਿਆਰਪੁਰ ਬੰਦ ਦੀ ਕਾਲ ਦਿੱਤੀ ਹੈ। ਸਮਾਜ ਦੇ ਨੁਮਾਇੰਦਿਆਂ ਨੇ ਕਿਹਾ ਕਿ ਕੱਲ੍ਹ ਹੁਸ਼ਿਆਰਪੁਰ ਨੂੰ ਪੂਰਨ ਤੌਰ ’ਤੇ ਬੰਦ ਕਰਵਾਇਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਬੰਦ ਦੌਰਾਨ ਆਵਾਜਾਈ ਵੀ ਨਹੀਂ ਚੱਲਣ ਦਿੱਤੀ ਜਾਵੇਗੀ।

ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਗਿਆ ਕਿ ਲੁਧਿਆਣਾ ਵਿੱਚ ਵਾਪਰੀ ਘਟਨਾ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਦਲਿਤ ਸਮਾਜ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰੇਗਾ ਅਤੇ ਇਸ ਤੋਂ ਵੀ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

ਲੁਧਿਆਣਾ ਦੇ ਜਲੰਧਰ ਬਾਈਪਾਸ ’ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨਾਲ ਬੇਅਦਬੀ ਦੀ ਵਾਪਰੀ ਸ਼ਰਮਨਾਕ ਘਟਨਾ ਦੇ ਵਿਰੋਧ ਵਿੱਚ ਅੱਜ ਲੁਧਿਆਣਾ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ ਬੰਦ ਸਵੇਰ ਤੋਂ ਸ਼ਾਮ 4 ਵਜੇ ਤੱਕ ਰਹੇਗਾ। ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਅਤੇ ਲੋਕਾਂ ਵੱਲੋਂ ਘਟਨਾ ਦੇ ਵਿਰੋਧ ਵਿੱਚ ਰੋਸ ਪ੍ਰਗਟ ਕੀਤਾ ਜਾਵੇਗਾ।

ਪ੍ਰਦਰਸ਼ਨਕਾਰੀਆਂ ਦੀ ਮੁੱਖ ਮੰਗ ਹੈ ਕਿ ਮੂਰਤੀ ਨਾਲ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਜੀ ਦੀ ਮੂਰਤੀ ਨਾਲ ਵਾਪਰੀ ਇਸ ਘਟਨਾ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!