
ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਗੁਰਦਾਸਪੁਰ ਪੁਲਿਸ ਦੇ ਅਧਿਕਾਰੀਆਂ ’ਤੇ ਗੈਂਗਸਟਰਾਂ ਨਾਲ ਕਥਿਤ ਸਬੰਧ ਹੋਣ ਦੇ ਇਲਜ਼ਾਮ ਲਗਾਉਂਦਿਆਂ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।
ਰੰਧਾਵਾ ਨੇ ਗੁਰਦਾਸਪੁਰ ਅਤੇ ਬਟਾਲਾ ਪੁਲਿਸ ਜ਼ਿਲ੍ਹਿਆਂ ਦੇ SSP ਪੱਧਰ ਦੇ ਅਧਿਕਾਰੀਆਂ ਦਾ ਜ਼ਿਕਰ ਕਰਦਿਆਂ DGP ਤੋਂ ਉਨ੍ਹਾਂ ਦੇ ਮੋਬਾਈਲ ਫੋਨ ਚੈੱਕ ਕਰਨ ਦੀ ਮੰਗ ਕੀਤੀ। ਉਨ੍ਹਾਂ ਸਵਾਲ ਕੀਤਾ ਕਿ ਕਥਿਤ ਤੌਰ ’ਤੇ ਇਨ੍ਹਾਂ ਅਧਿਕਾਰੀਆਂ ਨੂੰ ਕਿਹੜੇ ਗੈਂਗਸਟਰਾਂ ਦੇ ਫੋਨ ਆਉਂਦੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਦੋ DSP ਅਧਿਕਾਰੀਆਂ ਦਾ ਵੀ ਜ਼ਿਕਰ ਕੀਤਾ। ਰੰਧਾਵਾ ਮੁਤਾਬਕ ਡੇਰਾ ਬਾਬਾ ਨਾਨਕ ਦੇ DSP ਅਤੇ ਬਟਾਲਾ ਤੋਂ ਤਬਦੀਲ ਹੋਏ DSP ਬਾਰੇ ਵੀ ਜਾਂਚ ਹੋਣੀ ਚਾਹੀਦੀ ਹੈ। ਹਾਲਾਂਕਿ ਉਨ੍ਹਾਂ ਨੇ ਮੌਜੂਦਾ SSP ਦੇ ਨਾਂ ਸਿੱਧੇ ਤੌਰ ’ਤੇ ਨਹੀਂ ਲਏ।
ਰੰਧਾਵਾ ਨੇ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਲਗਾਏ ਗਏ ਇਲਜ਼ਾਮ ਗਲਤ ਸਾਬਤ ਹੁੰਦੇ ਹਨ ਤਾਂ DGP ਨੂੰ ਉਨ੍ਹਾਂ ਖ਼ਿਲਾਫ਼ ਵੀ FIR ਦਰਜ ਕਰਨੀ ਚਾਹੀਦੀ ਹੈ। ਦੂਜੇ ਪਾਸੇ, ਜੇਕਰ ਇਲਜ਼ਾਮ ਸਹੀ ਹਨ ਤਾਂ ਸਬੰਧਤ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।
ਉਨ੍ਹਾਂ ਖ਼ਾਸ ਤੌਰ ’ਤੇ ਮੋਬਾਈਲ ਫੋਨਾਂ ਦੀ ਜਾਂਚ ਦੀ ਗੱਲ ਕਰਦਿਆਂ ਕਿਹਾ ਕਿ ਇਸ ਨਾਲ ਕਥਿਤ ਸੰਪਰਕਾਂ ਬਾਰੇ ਸਥਿਤੀ ਸਪੱਸ਼ਟ ਹੋ ਸਕਦੀ ਹੈ। ਰੰਧਾਵਾ ਨੇ ਸਵਾਲ ਕੀਤਾ ਕਿ ਇਨ੍ਹਾਂ ਅਧਿਕਾਰੀਆਂ ਦੇ ਕਿੰਨੇ ਗੈਂਗਸਟਰਾਂ ਨਾਲ ਸੰਪਰਕ ਹਨ।
ਇਸ ਵੇਲੇ ਗੁਰਦਾਸਪੁਰ ਦੇ SSP ਆਦਿਤਿਆ ਅਤੇ ਬਟਾਲਾ ਦੇ ਮੌਜੂਦਾ SSP ਡਾ. ਮਹਿਤਾਬ ਸਿੰਘ ਹਨ। ਹਾਲਾਂਕਿ ਰੰਧਾਵਾ ਨੇ ਇਨ੍ਹਾਂ ਦੋਵਾਂ ਦੇ ਨਾਂ ਲੈ ਕੇ ਕੋਈ ਸਿੱਧਾ ਇਲਜ਼ਾਮ ਨਹੀਂ ਲਗਾਇਆ, ਸਗੋਂ ਦੋਵੇਂ ਪੁਲਿਸ ਜ਼ਿਲ੍ਹਿਆਂ ਦੇ SSP ਦਾ ਹਵਾਲਾ ਦਿੱਤਾ ਹੈ।
ਰੰਧਾਵਾ ਨੇ ਪੰਜਾਬ ਦੀ ਸਮੁੱਚੀ ਕਾਨੂੰਨ-ਵਿਵਸਥਾ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਰੈਗੂਲਰ DGP ਦੀ ਨਿਯੁਕਤੀ ਕਰ ਦਿੱਤੀ ਜਾਵੇ ਤਾਂ ਸੂਬੇ ਦੇ ਹਾਲਾਤ ਸੁਧਰਨ ਦੀ ਉਮੀਦ ਹੈ।
EDITED BY- HARLEEN KAUR




