
ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਕੈਨੇਡਾ ਦੌਰੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਮੰਤਰੀ ਦੀ ਵਿਦੇਸ਼ ਯਾਤਰਾ ਲਈ ਕੇਂਦਰ ਸਰਕਾਰ ਤੋਂ ਮਨਜ਼ੂਰੀ ਲੈਣ ਅਤੇ ਯਾਤਰਾ ਭੱਤਿਆਂ ਦੀ ਅਦਾਇਗੀ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਪਟੀਸ਼ਨਕਰਤਾ ਦਾ ਆਰੋਪ ਹੈ ਕਿ ਮੰਤਰੀ ਬੈਂਸ 17 ਤੋਂ 20 ਜਨਵਰੀ 2024 ਦੌਰਾਨ ਨਿੱਜੀ ਦੌਰੇ ’ਤੇ ਕੈਨੇਡਾ ਵਿੱਚ ਸਨ। ਦੂਜੇ ਪਾਸੇ, ਸਰਕਾਰੀ ਰਿਕਾਰਡ ਵਿੱਚ ਇਸੇ ਸਮੇਂ ਦੌਰਾਨ ਪੰਜਾਬ ਅਤੇ ਦਿੱਲੀ ਦੇ ਵੱਖ-ਵੱਖ ਸਥਾਨਾਂ ’ਤੇ ਉਨ੍ਹਾਂ ਦੀ ਮੌਜੂਦਗੀ ਅਤੇ ਸਥਾਨਕ ਦੌਰਿਆਂ ਦਾ ਜ਼ਿਕਰ ਹੋਣ ਦਾ ਦਾਅਵਾ ਕੀਤਾ ਗਿਆ ਹੈ।
ਪਟੀਸ਼ਨਕਰਤਾ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਸਵਾਲ ਉਠਾਇਆ ਹੈ। ਹਾਈਕੋਰਟ ਨੇ ਫਿਲਹਾਲ ਸਰਕਾਰ ਨੂੰ ਕੋਈ ਰਸਮੀ ਨੋਟਿਸ ਜਾਰੀ ਨਹੀਂ ਕੀਤਾ, ਪਰ ਸਰਕਾਰ ਨੂੰ ਮਾਮਲੇ ’ਤੇ ਆਪਣਾ ਪੱਖ ਰੱਖਣ ਦੇ ਨਿਰਦੇਸ਼ ਦਿੱਤੇ ਹਨ।
ਜਲੰਧਰ ਵਾਸੀ ਕਰਨ ਪ੍ਰੀਤ ਸਿੰਘ ਨੇ ਹਾਈਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਧਿਰ ਬਣਾਇਆ ਗਿਆ ਹੈ। ਪਟੀਸ਼ਨਕਰਤਾ ਦਾ ਆਰੋਪ ਹੈ ਕਿ ਬੈਂਸ 17 ਤੋਂ 20 ਜਨਵਰੀ 2024 ਤੱਕ ਕੈਨੇਡਾ ਦੇ ਨਿੱਜੀ ਦੌਰੇ ’ਤੇ ਸਨ। ਆਰੋਪ ਲਗਾਇਆ ਗਿਆ ਹੈ ਕਿ ਇਸ ਯਾਤਰਾ ਲਈ ਕੇਂਦਰ ਸਰਕਾਰ ਤੋਂ ਲੋੜੀਂਦੀ ਮਨਜ਼ੂਰੀ ਨਹੀਂ ਲਈ ਗਈ ਸੀ।
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਵਿਦੇਸ਼ ਯਾਤਰਾ ਤੋਂ ਪਹਿਲਾਂ ਸੂਬਾ ਸਰਕਾਰ ਦੇ ਮੰਤਰੀਆਂ ਨੂੰ ਨਿਰਧਾਰਤ ਪ੍ਰਕਿਰਿਆ ਅਨੁਸਾਰ ਲੋੜੀਂਦੀ ਮਨਜ਼ੂਰੀ ਲੈਣੀ ਹੁੰਦੀ ਹੈ। ਇਸੇ ਆਧਾਰ ’ਤੇ ਪਟੀਸ਼ਨਕਰਤਾ ਨੇ ਮੰਤਰੀ ਦੀ ਵਿਦੇਸ਼ ਯਾਤਰਾ ਨਾਲ ਸਬੰਧਤ ਮਨਜ਼ੂਰੀਆਂ ਅਤੇ ਹੋਰ ਦਸਤਾਵੇਜ਼ਾਂ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਪਟੀਸ਼ਨ ਵਿੱਚ ਸਭ ਤੋਂ ਵੱਡਾ ਸਵਾਲ ਮੰਤਰੀ ਦੀ ਇਸੇ ਸਮੇਂ ਦੌਰਾਨ ਵੱਖ-ਵੱਖ ਥਾਵਾਂ ’ਤੇ ਮੌਜੂਦਗੀ ਅਤੇ ਯਾਤਰਾ ਭੱਤਿਆਂ ਨੂੰ ਲੈ ਕੇ ਉਠਾਇਆ ਗਿਆ ਹੈ। ਪਟੀਸ਼ਨਕਰਤਾ ਅਨੁਸਾਰ ਜਿਸ ਸਮੇਂ ਮੰਤਰੀ ਦੇ ਕੈਨੇਡਾ ਵਿੱਚ ਹੋਣ ਨਾਲ ਸਬੰਧਤ ਦਸਤਾਵੇਜ਼ ਮੌਜੂਦ ਹੋਣ ਦਾ ਦਾਅਵਾ ਕੀਤਾ ਗਿਆ ਹੈ, ਉਸੇ ਦੌਰਾਨ ਪੰਜਾਬ ਅਤੇ ਦਿੱਲੀ ਵਿੱਚ ਸਥਾਨਕ ਦੌਰਿਆਂ ਲਈ ਯਾਤਰਾ ਭੱਤੇ ਵੀ ਲਏ ਗਏ।
ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸਰਕਾਰੀ ਰਿਕਾਰਡ ਅਨੁਸਾਰ 17 ਤੋਂ 20 ਜਨਵਰੀ 2024 ਦੌਰਾਨ ਮੰਤਰੀ ਦੀ ਚੰਡੀਗੜ੍ਹ, ਰੋਪੜ, ਕੀਰਤਪੁਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਦਿੱਲੀ ਵਿੱਚ ਮੌਜੂਦਗੀ ਦਰਸਾਈ ਗਈ ਹੈ। ਦੂਜੇ ਪਾਸੇ, ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਇਸੇ ਸਮੇਂ ਦੌਰਾਨ ਮੰਤਰੀ ਦੇ ਕੈਨੇਡਾ ਵਿੱਚ ਠਹਿਰਣ ਨਾਲ ਸਬੰਧਤ ਦਸਤਾਵੇਜ਼ ਵੀ ਮੌਜੂਦ ਹਨ।
ਇਸੇ ਆਧਾਰ ’ਤੇ ਪਟੀਸ਼ਨਕਰਤਾ ਨੇ ਸਵਾਲ ਕੀਤਾ ਹੈ ਕਿ ਜੇ ਮੰਤਰੀ ਉਸ ਸਮੇਂ ਕੈਨੇਡਾ ਵਿੱਚ ਸਨ ਤਾਂ ਪੰਜਾਬ ਅਤੇ ਦਿੱਲੀ ਦੇ ਵੱਖ-ਵੱਖ ਸਥਾਨਾਂ ’ਤੇ ਉਨ੍ਹਾਂ ਦੇ ਦੌਰਿਆਂ ਅਤੇ ਮੌਜੂਦਗੀ ਨਾਲ ਸਬੰਧਤ ਸਰਕਾਰੀ ਰਿਕਾਰਡ ਕਿਵੇਂ ਤਿਆਰ ਹੋਏ।
ਪਟੀਸ਼ਨਕਰਤਾ ਕਰਨ ਪ੍ਰੀਤ ਸਿੰਘ ਮੁਤਾਬਕ, ਉਨ੍ਹਾਂ ਨੇ ਪਹਿਲਾਂ ਇਸ ਮਾਮਲੇ ਨੂੰ ਲੈ ਕੇ ਵਿਦੇਸ਼ ਮੰਤਰਾਲੇ ਕੋਲ ਵੀ ਸ਼ਿਕਾਇਤ ਕੀਤੀ ਸੀ। ਪਟੀਸ਼ਨ ਅਨੁਸਾਰ, 9 ਮਾਰਚ 2025 ਨੂੰ ਵਿਦੇਸ਼ ਮੰਤਰਾਲੇ ਕੋਲ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਪਟੀਸ਼ਨਕਰਤਾ ਦਾ ਆਰੋਪ ਹੈ ਕਿ ਸ਼ਿਕਾਇਤ ਦੇਣ ਦੇ ਬਾਵਜੂਦ ਮਾਮਲੇ ਵਿੱਚ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੋਈ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕਰਦਿਆਂ ਜਨਹਿੱਤ ਪਟੀਸ਼ਨ ਦਾਇਰ ਕੀਤੀ।
ਪਟੀਸ਼ਨਕਰਤਾ ਨੇ ਪੂਰੇ ਮਾਮਲੇ ਨੂੰ ਜਨਤਕ ਧਨ ਦੀ ਕਥਿਤ ਦੁਰਵਰਤੋਂ, ਸਰਕਾਰੀ ਰਿਕਾਰਡ ਦੀ ਕਥਿਤ ਗਲਤ ਪੇਸ਼ਕਾਰੀ ਅਤੇ ਭ੍ਰਿਸ਼ਟਾਚਾਰ ਨਾਲ ਜੁੜਿਆ ਮਾਮਲਾ ਦੱਸਿਆ ਹੈ। ਪਟੀਸ਼ਨ ਵਿੱਚ ਹਾਈਕੋਰਟ ਤੋਂ ਮੰਗ ਕੀਤੀ ਗਈ ਹੈ ਕਿ ਮੰਤਰੀ ਦੀ ਵਿਦੇਸ਼ ਯਾਤਰਾ ਦੀ ਮਨਜ਼ੂਰੀ, ਕੈਨੇਡਾ ਵਿੱਚ ਠਹਿਰਣ ਨਾਲ ਸਬੰਧਤ ਰਿਕਾਰਡ ਅਤੇ ਇਸੇ ਸਮੇਂ ਦੌਰਾਨ ਪੰਜਾਬ ਤੇ ਦਿੱਲੀ ਦੇ ਦੌਰਿਆਂ ਲਈ ਲਏ ਗਏ ਯਾਤਰਾ ਭੱਤਿਆਂ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ।
EDITED BY- HARLEEN KAUR




