
ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਅਧੀਨ ਆਉਂਦੇ ਪਿੰਡ ਬਾੜੀਆਂ ਕਲਾਂ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਸੰਵੇਦਨਸ਼ੀਲ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੇਰ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਭਾਰਤੀ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਕੀਤੀ ਗਈ ਅਤੇ ਉਸ ਨੂੰ ਖੰਡਿਤ ਕਰ ਦਿੱਤਾ ਗਿਆ।
ਪਿੰਡ ਬਾੜੀਆਂ ਕਲਾਂ ਵਿੱਚ ਸਥਿਤ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ‘ਤੇ ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕਰਕੇ ਮੂਰਤੀ ਦੀ ਉਂਗਲ, ਚਿਹਰੇ ਦਾ ਹਿੱਸਾ ਅਤੇ ਐਨਕਾਂ ਤੋੜ ਦਿੱਤੀਆਂ ਗਈਆਂ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਵਾਸੀ ਅਤੇ ਆਲੇ-ਦੁਆਲੇ ਦੇ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਇਕੱਠੇ ਹੋ ਗਏ।
ਦਲਿਤ ਸਮਾਜ ਦੇ ਆਗੂਆਂ ਨੇ ਇਸ ਘਟਨਾ ਨੂੰ ਭਾਈਚਾਰਕ ਸਾਂਝ ਨੂੰ ਵੰਡਣ ਅਤੇ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸਾਜ਼ਿਸ਼ ਦੱਸਿਆ ਹੈ। ਪ੍ਰਦਰਸ਼ਨਕਾਰੀਆਂ ਅਤੇ ਆਗੂਆਂ ਨੇ ਆਰੋਪ ਲਗਾਇਆ ਹੈ ਕਿ ਪੰਜਾਬ ਵਿੱਚ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਖੇਡਣ ਲਈ ਇੱਕ ਰਾਜਨੀਤਿਕ ਸਾਜ਼ਿਸ਼ ਤਹਿਤ ਅਜਿਹੀਆਂ ਘਟਨਾਵਾਂ ਨੂੰ ਬਾਰ-ਬਾਰ ਅੰਜਾਮ ਦਿੱਤਾ ਜਾ ਰਿਹਾ ਹੈ।
ਸਮਾਜਿਕ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਦੋਸ਼ੀਆਂ ਖਿਲਾਫ ਤੁਰੰਤ ਸਖ਼ਤ ਕਾਰਵਾਈ ਨਾ ਕੀਤੀ ਗਈ, ਤਾਂ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਦਲਿਤ ਸਮਾਜ ਵੱਲੋਂ ਵੱਡੇ ਪੱਧਰ ‘ਤੇ ਰੋਸ਼ ਮਾਰਚ ਕੱਢਿਆ ਜਾਵੇਗਾ ਅਤੇ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਣਪਛਾਤੇ ਦੋਸ਼ੀਆਂ ਦੀ ਪਛਾਣ ਲਈ ਆਲੇ-ਦੁਆਲੇ ਦੀਆਂ ਇਲਾਕਾ ਵੀਡੀਓਜ਼ ਅਤੇ ਸੁਰਾਗ ਇਕੱਠੇ ਕੀਤੇ ਜਾ ਰਹੇ ਹਨ।
EDITED BY- HARLEEN KAUR



