
ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿਚ 25 ਸਤੰਬਰ ਨੂੰ ਸ੍ਰੀ ਸਿੱਧ ਬਾਬਾ ਸੋਢਲ ਜੀ ਦਾ ਸਲਾਨਾ ਮੇਲਾ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਮੌਕੇ ਨੂੰ ਦੇਖਦਿਆਂ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਸ੍ਰੀ ਸਿੱਧ ਬਾਬਾ ਸੋਢਲ ਜੀ ਦੇ ਸਲਾਨਾ ਮੇਲੇ ਵਿੱਚ ਲੋਕਾਂ ਦੀ ਗਹਿਰੀ ਸ਼ਰਧਾ ਨੂੰ ਮੁੱਖ ਰੱਖਦੇ ਹੋਏ 25 ਸਤੰਬਰ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਜਲੰਧਰ ਵਿਚ ਸਥਿਤ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ, ਨਿਗਮਾਂ, ਬੋਰਡਾਂ, ਵਿੱਦਿਅਕ ਅਦਾਰਿਆਂ ਅਤੇ ਹੋਰ ਪੰਜਾਬ ਸਰਕਾਰ ਦੀਆਂ ਸੰਸਥਾਵਾਂ ਵਿਚ ਸਥਾਨਕ ਛੁੱਟੀ ਰਹੇਗੀ। ਇਹ ਛੁੱਟੀ ਸਿਰਫ਼ ਜਲੰਧਰ ਜ਼ਿਲ੍ਹੇ ਲਈ ਲਾਗੂ ਹੋਵੇਗੀ। ਬਾਬਾ ਸੋਢਲ ਜੀ ਦਾ ਮੇਲਾ ਹਰ ਸਾਲ ਜਲੰਧਰ ਵਿਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਬਾਬਾ ਸੋਢਲ ਜੀ ਦੇ ਦਰਸ਼ਨਾਂ ਲਈ ਪਹੁੰਚਦੇ ਹਨ।
ਪ੍ਰਸ਼ਾਸਨ ਵੱਲੋਂ ਇਸ ਮੌਕੇ ‘ਤੇ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧ ਲਈ ਵੀ ਖਾਸ ਇੰਤਜ਼ਾਮ ਕੀਤੇ ਜਾਂਦੇ ਹਨ। ਛੁੱਟੀ ਦੇ ਐਲਾਨ ਨਾਲ ਸਰਕਾਰੀ ਮੁਲਾਜ਼ਮਾਂ ਅਤੇ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਮੇਲੇ ਵਿਚ ਸ਼ਾਮਲ ਹੋਣ ਦਾ ਮੌਕਾ ਮਿਲੇਗਾ। ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੇਲੇ ਦੌਰਾਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ।
EDITED BY- HARLEEN KAUR




