टॉप न्यूज़

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ

ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿਚ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੇ ਜਾਣ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ’ਚ ਨਿਰਦੇਸ਼ ਦੇਣ, ਗੁਰਦੁਆਰਾ ਪ੍ਰਬੰਧ ਲਈ ਪੰਜਾਬ ਦਾ ਵੱਖਰਾ ਐਕਟ ਬਨਾਉਣ ਲਈ ਕੁਝ ਲੋਕਾਂ ਵੱਲੋਂ ਬਿਆਨਬਾਜ਼ੀ ਕਰਨ ਦੇ ਮਾਮਲੇ ’ਤੇ ਚਰਚਾ ਕਰਨ ਦੇ ਨਾਲ-ਨਾਲ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਅਤੇ ਸਹਿਯੋਗ ਕਰਨ ਵਾਲੀਆਂ ਜਥੇਬੰਦੀਆਂ ਅਤੇ ਸੰਗਤਾਂ ਪ੍ਰਤੀ ਧੰਨਵਾਦੀ ਮਤਾ ਪਾਸ ਕੀਤਾ ਗਿਆ।
ਇਕੱਤਰਤਾ ਮਗਰੋਂ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਵਿਚ ਇਕ ਬੀਬੀ ਵੱਲੋਂ ਲਗਾਏ ਗਏ ਦੋਸ਼ਾਂ ਦੇ ਮਾਮਲੇ ਵਿਚ ਪਰਚਾ ਦਰਜ ਹੋਣ ਦੇ ਬਾਅਦ ਉਸ ਦੀ ਜਾਂਚ ਨਿਰਪੱਖ ਜਾਂਚ ਏਜੰਸੀ ਤੋਂ ਹੋਣੀ ਚਾਹੀਦੀ ਹੈ ਅਤੇ ਜਾਂਚ ਦੇ ਵਿਸ਼ਿਆਂ ਨੂੰ ਸੋਸ਼ਲ ਮੀਡੀਆ ਟਰਾਇਲ ਦਾ ਵਿਸ਼ਾ ਨਹੀਂ ਬਣਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੁਝ ਧਿਰਾਂ ਵੱਲੋਂ ਸ਼੍ਰੋਮਣੀ ਕਮੇਟੀ ਦੀ ਜਾਂਚ ਟੀਮ ’ਤੇ ਇਤਰਾਜ਼ ਜਤਾਇਆ ਜਾ ਰਿਹਾ ਹੈ, ਜਦਕਿ ਪੰਜਾਬ ਸਰਕਾਰ ਵੱਲੋਂ ਪੁਲਿਸ ਦੁਆਰਾ ਕਰਵਾਈ ਜਾ ਰਹੀ ਜਾਂਚ ’ਤੇ ਵੀ ਲੋਕਾਂ ਦਾ ਭਰੋਸਾ ਨਹੀਂ ਹੈ। ਇਸ ਲਈ ਅੰਤ੍ਰਿੰਗ ਕਮੇਟੀ ਮੰਗ ਕਰਦੀ ਹੈ ਕਿ ਪੰਜਾਬ ਸਰਕਾਰ ਨੂੰ ਇਸ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਜਾਂਚ ਟੀਮ ਪ੍ਰਬੰਧਕੀ ਤੌਰ ’ਤੇ ਆਪਣੀ ਜਾਂਚ ਜਾਰੀ ਰੱਖੇਗੀ, ਜਦਕਿ ਸੀਬੀਆਈ ਇਸ ਸਾਰੇ ਮਾਮਲੇ ਦੇ ਹਰ ਪੱਖ ਨੂੰ ਵਾਚ ਕੇ ਨਿਰਪੱਖ ਫੈਸਲਾ ਦੇਵੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਤਿੰਨ ਦਿਨਾਂ ਵਿਚ ਜਾਂਚ ਸੀਬੀਆਈ ਨੂੰ ਨਹੀਂ ਦਿੰਦੀ ਤਾਂ ਅਗਲੇ ਦਿਨਾਂ ’ਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਇਸ ਸਬੰਧੀ ਮੰਗ ਕੀਤੀ ਜਾਵੇਗੀ। ਪਿਛਲੇ ਸਮੇਂ ਤੋਂ ਉਨ੍ਹਾਂ ਦੀ ਚੁੱਪ ਬਾਰੇ ਹੋ ਰਹੀ ਚਰਚਾ ਸਬੰਧੀ ਉਨ੍ਹਾਂ ਕਿਹਾ ਕਿ ਦਰਜ ਹੋਇਆ ਕੇਸ ਜਦੋਂ ਜਾਂਚ ਦਾ ਵਿਸ਼ਾ ਹੋਵੇ ਤਾਂ ਜਾਂਚ ਨਾਲ ਸਬੰਧਤ ਤੱਥਾਂ ਪਹਿਲਾਂ ਨੂੰ ਜਨਤਕ ਕਰਨਾ ਠੀਕ ਨਹੀਂ।
ਐਡਵੋਕੇਟ ਧਾਮੀ ਨੇ ਹੋਰ ਫੈਸਲਿਆਂ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ ਸੀ, ਜਿਸ ਦੌਰਾਨ ਭਾਈ ਰਾਜੋਆਣਾ ਵੱਲੋਂ ਉਨ੍ਹਾਂ ਸਬੰਧੀ ਪਾਈ ਗਈ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਵਾਪਸ ਲੈਣ ਬਾਰੇ ਗੁਰਮਤਿ ਅਨੁਸਾਰ ਪ੍ਰਗਟ ਕੀਤੀ ਭਾਵਨਾ ਨੂੰ ਅੱਜ ਦੀ ਇਕੱਤਰਤਾ ਵਿਚ ਗੰਭੀਰਤਾ ਨਾਲ ਵਿਚਾਰਿਆ ਗਿਆ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਭਾਈ ਰਾਜੋਆਣਾ ਵੱਲੋਂ ਗੁਰਮਤਿ ਦੀ ਰੌਸ਼ਨੀ ਵਿਚ ਦਿੱਤੀਆਂ ਗਈਆਂ ਦਲੀਲਾਂ ਨਾਲ ਪੂਰੀ ਤਰ੍ਹਾਂ ਸਹਿਮਤ ਹੈ। ਪ੍ਰੰਤੂ ਇਹ ਅਪੀਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਪਾਈ ਗਈ ਸੀ, ਇਸ ਲਈ ਅੰਤ੍ਰਿੰਗ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਗੁਰਮਤਿ ਦੇ ਫਲਸਫੇ ਅਤੇ ਸਿੱਖ ਇਤਿਹਾਸ ਦੀ ਰੌਸ਼ਨੀ ਵਿਚ ਆਦੇਸ਼ ਭੇਜਣ ਦੀ ਅਪੀਲ ਕਰਦੀ ਹੈ। ਇਸ ਮੌਕੇ ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਵੀ ਸਰਕਾਰ ਨੂੰ ਤੁਰੰਤ ਪੈਰੋਲ ਦੇਣ ਦੀ ਮੰਗ ਕੀਤੀ ਅਤੇ 2 ਅਕਤੂਬਰ ਨੂੰ ਕੌਮੀ ਇਨਸਾਫ਼ ਮੋਰਚੇ ਵੱਲੋਂ ਕੱਢੇ ਜਾ ਰਹੇ ਖ਼ਾਲਸਾ ਮਾਰਚ ਨੂੰ ਵੀ ਪੂਰਨ ਤੌਰ ’ਤੇ ਹਮਾਇਤ ਦਾ ਐਲਾਨ ਕੀਤਾ।
ਐਡਵੋਕੇਟ ਧਾਮੀ ਨੇ ਕੁਝ ਲੋਕਾਂ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਸਬੰਧੀ ਪੰਜਾਬ ਐਕਟ ਬਨਾਉਣ ਦੀ ਕੀਤੀ ਜਾ ਰਹੀ ਮੰਗ ’ਤੇ ਵੀ ਕਰੜਾ ਇਤਰਾਜ਼ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਇਕ ਸਦੀ ਪੁਰਾਣੀ ਸੰਸਥਾ ਹੈ ਅਤੇ ਦੁੱਖ ਦੀ ਗੱਲ ਹੈ ਕਿ ਅੱਜ ਸਿੱਖ ਵਿਰੋਧੀ ਸ਼ਕਤੀਆਂ ਦੇ ਏਜੰਡੇ ਤਹਿਤ ਕੁਝ ਲੋਕ ਇਸ ਦੀ ਸੰਵਿਧਾਨਕ ਹਸਤੀ ਅਤੇ ਵਿਸ਼ਾਲਤਾ ਨੂੰ ਛੁਟਿਆਉਣ ਲਈ ਤਾਣ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਜਾਬ ਐਕਟ ਦੀ ਵਕਾਲਤ ਕਰ ਰਹੇ ਹਨ, ਉਨ੍ਹਾਂ ਨੂੰ ਭਵਿੱਖ ਵਿਚ ਹੋਣ ਵਾਲੇ ਕੌਮੀ ਨੁਕਸਾਨ ਬਾਰੇ ਜ਼ਰੂਰ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਦੇਰੀ ਦਾ ਮਾਮਲਾ ਸਰਕਾਰ ਨਾਲ ਸਬੰਧਤ ਹੈ ਅਤੇ ਸ਼੍ਰੋਮਣੀ ਕਮੇਟੀ ਵੀ ਇਹ ਚੋਣਾਂ ਸਮੇਂ ਸਿਰ ਕਰਵਾਉਣ ਲਈ ਕਈ ਵਾਰ ਮੰਗ ਕਰ ਚੁੱਕੀ ਹੈ ਅਤੇ ਹੁਣ ਵੀ ਕਰਦੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜਾਬ ਦੇ ਮੁੱਦਿਆਂ, ਸਮੱਸਿਆਵਾਂ ਅਤੇ ਚੁਣੌਤੀਆਂ ਦੇ ਟਾਕਰੇ ਅਤੇ ਪੰਥਕ ਚੇਤਨਾ ਲਈ ਮੀਰੀ ਪੀਰੀ ਖਾਲਸਾ ਮਾਰਚ ’ਚ ਭਰਵੀਂ ਸ਼ਮੂਲੀਅਤ ਅਤੇ ਸਹਿਯੋਗ ਲਈ ਸਿੱਖ ਸੰਸਥਾਵਾਂ, ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਮੀਰੀ ਪੀਰੀ ਖਾਲਸਾ ਮਾਰਚ ’ਚ ਨਿਭਾਈਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖ਼ਾਲਸਾ ਮਾਰਚ ਦੌਰਾਨ ਜਿਥੇ ਨੌਜੁਆਨਾਂ ਨਾਲ ਸਿੱਧਾ ਸੰਵਾਦ ਹੋਇਆ, ਉਥੇ ਪੰਜਾਬ ਨੂੰ ਦਰਪੇਸ਼ ਕਈ ਵੱਡੀਆਂ ਚੁਣੌਤੀਆਂ ਦੀ ਨਿਸ਼ਾਨਦੇਹੀ ਵੀ ਹੋਈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਪਿੰਡਾਂ ਦੀਆਂ ਸੱਥਾਂ ਵਿਚ ਲੋਕਾਂ ਨੂੰ ਮਿਲਦਿਆਂ ਮਾਰੂ ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਦੀ ਤਬਾਹੀ ਦਾ ਸੱਚ ਸਾਹਮਣੇ ਆਇਆ। ਉਨ੍ਹਾਂ ਕਿਹਾ ਕਿ ਚਿੱਟੇ ਵਰਗੇ ਮਾਰੂ ਨਸ਼ੇ ਆਮ ਮਿਲ ਰਹੇ ਹਨ, ਜਿਸ ਨਾਲ ਪੰਜਾਬ ਦੀ ਜਵਾਨੀ ਤਬਾਹ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਦੌਰਾਨ ਬਹੁਤ ਸਾਰੇ ਨੌਜੁਆਨਾਂ ਨੇ ਸਾਬਤ ਸੂਰਤ ਹੋਣ ਅਤੇ ਨਸ਼ਿਆਂ ਦਾ ਤਿਆਗ ਕਰਨ ਦਾ ਪ੍ਰਣ ਕੀਤਾ, ਜੋ ਚੰਗੀ ਸ਼ੁਰੂਆਤ ਹੈ। ਇਕੱਤਰਤਾ ’ਚ ਸੈਕਸ਼ਨ 85, ਸੈਕਸ਼ਨ 87, ਟਰੱਸਟ, ਵਿਦਿਆ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਕੰਮਾਂ ਨੂੰ ਪ੍ਰਵਾਨਗੀ ਵੀ ਦਿੱਤੀ ਗਈ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਰਜੀਤ ਸਿੰਘ ਕੰਗ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੇਜਰ ਸਿੰਘ ਢਿੱਲੋਂ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਅਜ਼ਾਦ ਦੀਪ ਸਿੰਘ, ਮੈਨੇਜਰ ਸ. ਮੇਜਰ ਸਿੰਘ, ਐਕਸੀਅਨ ਸ. ਜਤਿੰਦਰਪਾਲ ਸਿੰਘ, ਇੰਚਾਰਜ ਸ. ਪਰਜਿੰਦਰ ਸਿੰਘ, ਸ. ਗੁਰਪ੍ਰੀਤ ਸਿੰਘ, ਸ. ਕਾਰਜ ਸਿੰਘ, ਸ. ਗੁਰਪਤਾਪ ਸਿੰਘ, ਸ. ਤਰਸੇਮ ਸਿੰਘ ਆਦਿ ਮੌਜੂਦ ਸਨ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!