टॉप न्यूज़

ਪੰਜਾਬ ‘ਚ ਇਥੇ 3 ਸਤੰਬਰ ਨੂੰ ਸਕੂਲਾਂ ਵਿਚ ਛੁੱਟੀ ਦਾ ਐਲਾਨ

ਪੰਜਾਬ ਦੇ ਤਿੰਨ ਜ਼ਿਲ੍ਹਿਆਂ—ਬਠਿੰਡਾ, ਮਾਨਸਾ ਅਤੇ ਬਰਨਾਲਾ ਵਿਚ 3 ਸਤੰਬਰ ਨੂੰ ਸਾਰੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਇਹ ਫੈਸਲਾ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (FAP) ਵੱਲੋਂ ਸਕੂਲ ਬੱਸ ਅਤੇ ਵੈਨ ਆਪਰੇਟਰਾਂ ਦੀ ਮਹਾ ਪੰਚਾਇਤ ਨੂੰ ਲੈ ਕੇ ਲਿਆ ਗਿਆ ਹੈ।
ਫੈਡਰੇਸ਼ਨ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਬੱਸਾਂ ਅਤੇ ਵੈਨਾਂ ਲਈ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਨਿਯਮਾਂ ਖ਼ਿਲਾਫ਼ ਬੱਸ ਆਪਰੇਟਰਾਂ ਵੱਲੋਂ 3 ਸਤੰਬਰ ਨੂੰ ਬਠਿੰਡਾ ਵਿਚ ਸੂਬਾ ਪੱਧਰੀ ਮਹਾ ਪੰਚਾਇਤ ਕੀਤੀ ਜਾ ਰਹੀ ਹੈ। ਇਸ ਮਹਾ ਪੰਚਾਇਤ ਕਾਰਨ ਸਕੂਲ ਬੱਸਾਂ ਨਾ ਚੱਲਣ ਦੀ ਸਥਿਤੀ ਨੂੰ ਦੇਖਦਿਆਂ ਫੈਡਰੇਸ਼ਨ ਨੇ ਤਿੰਨਾਂ ਜ਼ਿਲ੍ਹਿਆਂ ਦੇ ਪ੍ਰਾਈਵੇਟ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ।
ਪ੍ਰਾਈਵੇਟ ਸਕੂਲ ਬੱਸ ਟਰਾਂਸਪੋਰਟ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸਰਾ ਨੇ ਦੱਸਿਆ ਕਿ ਇਹ ਮਹਾ ਪੰਚਾਇਤ ਬਠਿੰਡਾ ਦੀ ਅਨਾਜ ਮੰਡੀ ਵਿਚ ਆਯੋਜਿਤ ਕੀਤੀ ਜਾਵੇਗੀ, ਜਿਸ ਵਿਚ ਪੰਜਾਬ ਭਰ ਦੇ ਡਰਾਈਵਰ, ਕੰਡਕਟਰ ਅਤੇ ਬੱਸ ਮਾਲਕ ਸ਼ਾਮਲ ਹੋਣਗੇ।
ਬੱਸ ਆਪਰੇਟਰਾਂ ਦਾ ਕਹਿਣਾ ਹੈ ਕਿ ਬੱਚਿਆਂ ਦੀ ਸੁਰੱਖਿਆ ਉਨ੍ਹਾਂ ਦੀ ਪਹਿਲੀ ਤਰਜੀਹ ਹੈ, ਪਰ ਨਿਯਮ ਬਣਾਉਂਦੇ ਸਮੇਂ ਉਨ੍ਹਾਂ ਦੀ ਵਿਵਹਾਰਕਤਾ ਅਤੇ ਆਪਰੇਟਰਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਨੂੰ ਵੀ ਧਿਆਨ ਵਿਚ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਨਿਯਮਾਂ ਦੀ ਪਾਲਣਾ ਤੇ ਪਾਸਿੰਗ ਪ੍ਰਕਿਰਿਆ ਨੂੰ ਸੌਖਾ ਬਣਾਉਣ ਦੀ ਮੰਗ ਵੀ ਕੀਤੀ ਹੈ।
ਫੈਡਰੇਸ਼ਨ ਦੇ ਪ੍ਰਧਾਨ ਡਾ. ਧੂਰੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਜਿਥੇ ਸਕੂਲ ਬੱਸਾਂ ਨਹੀਂ ਚੱਲਣਗੀਆਂ, ਉੱਥੇ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਸਕੂਲ ਬੰਦ ਰੱਖੇ ਜਾਣਗੇ। ਇਸ ਮਹਾ ਪੰਚਾਇਤ ਦੌਰਾਨ ਆਪਰੇਟਰਾਂ ਦੀ ਵੱਡੀ ਗਿਣਤੀ ਵਿਚ ਭਾਗੀਦਾਰੀ ਦਾ ਦਾਅਵਾ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਕੂਲੀ ਬੱਸਾਂ ਅਤੇ ਵੈਨਾਂ ਲਈ ਸੁਰੱਖਿਆ ਨਿਯਮਾਂ ਨੂੰ ਸਖ਼ਤ ਕੀਤਾ ਗਿਆ ਹੈ। ਅਪ੍ਰੈਲ ਅਤੇ ਮਈ 2026 ਦੌਰਾਨ ਸੂਬੇ ਭਰ ਵਿਚ 1,842 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 526 ਬੱਸਾਂ ਦੇ ਚਲਾਨ ਕੀਤੇ ਗਏ, ਜਦਕਿ ਗੰਭੀਰ ਖਾਮੀਆਂ ਮਿਲਣ ‘ਤੇ ਤਿੰਨ ਬੱਸਾਂ ਨੂੰ ਜ਼ਬਤ ਕਰ ਲਿਆ ਗਿਆ।
ਇਸ ਮਹਾ ਪੰਚਾਇਤ ਦਾ ਪ੍ਰਭਾਵ ਬਠਿੰਡਾ, ਮਾਨਸਾ ਅਤੇ ਬਰਨਾਲਾ ਤੋਂ ਇਲਾਵਾ ਆਸ-ਪਾਸ ਦੇ ਹੋਰ ਜ਼ਿਲ੍ਹਿਆਂ ਵਿਚ ਵੀ ਦੇਖਣ ਨੂੰ ਮਿਲ ਸਕਦਾ ਹੈ। ਫੈਡਰੇਸ਼ਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਲੋੜ ਪਈ ਤਾਂ ਹੋਰ ਜ਼ਿਲ੍ਹਿਆਂ ਦੇ ਸਕੂਲ ਵੀ ਇਸ ਮੁਹਿੰਮ ਨਾਲ ਜੁੜ ਸਕਦੇ ਹਨ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!