
ਪੰਜਾਬ ਅਤੇ ਚੰਡੀਗੜ੍ਹ ਵਿੱਚ ਈਡੀ ਦੋ ਦਿਨਾਂ ਤੋਂ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੇ ਦਫ਼ਤਰਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਇਸ ਦੌਰਾਨ, ਈਡੀ ਨੇ ਲੁਧਿਆਣਾ ਵਿੱਚ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਭਾਣਜੇ ਦੇ ਘਰ ‘ਤੇ ਵੀ ਛਾਪਾ ਮਾਰਿਆ। ਕੱਲ੍ਹ ਦੇਰ ਰਾਤ ਟੀਮ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੇ ਘਰ ਵੀ ਪਹੁੰਚੀ। ਇਸ ਤੋਂ ਬਾਅਦ, ਪੰਜਾਬ ਸਰਕਾਰ ਨੇ ਬੁੱਧਵਾਰ ਦੇਰ ਰਾਤ ਹਾਈ ਕੋਰਟ ਦਾ ਰੁੱਖ ਕੀਤਾ।
ਸਰਕਾਰ ਨੇ ਹਾਈ ਕੋਰਟ ਵਿੱਚ ਤੁਰੰਤ ਸੁਣਵਾਈ ਦੀ ਮੰਗ ਕੀਤੀ। ਇਸ ਪਟੀਸ਼ਨ ਦੇ ਜਵਾਬ ਵਿੱਚ ਹਾਈ ਕੋਰਟ ਨੇ ਈਡੀ ਦੇ ਛਾਪਿਆਂ ਦੀ ਨਿਗਰਾਨੀ ਲਈ ਇੱਕ ਵਾਰੰਟ ਅਫਸਰ ਨਿਯੁਕਤ ਕੀਤਾ ਹੈ। ਉਸ ਨੂੰ ਮੌਕੇ ‘ਤੇ ਜਾ ਕੇ ਛਾਪੇਮਾਰੀ ਦੀ ਸਥਿਤੀ ਦੇਖਣ ਅਤੇ ਅਦਾਲਤ ਨੂੰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਵਾਰੰਟ ਅਫਸਰ ਕਿਸੇ ਵੀ ਸਮੇਂ ਛਾਪੇਮਾਰੀ ਵਾਲੀ ਥਾਂ ਦਾ ਨਿਰੀਖਣ ਕਰ ਸਕਦਾ ਹੈ। ਉਸ ਨੂੰ ਵੀਰਵਾਰ ਦੁਪਹਿਰ 2 ਵਜੇ ਤੱਕ ਹਾਈ ਕੋਰਟ ਨੂੰ ਸਟੇਟਸ ਰਿਪੋਰਟ ਜਮ੍ਹਾਂ ਕਰਾਉਣੀ ਹੋਵੇਗੀ।
ਇਸ ਦੌਰਾਨ, ਏਜੰਸੀ ਦੇ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਪੰਜਾਬ ਦੇ ਇੱਕ ਆਈਏਐਸ ਅਧਿਕਾਰੀ ਦੇ ਘਰ ਤੋਂ ਲਗਭਗ 2.5 ਕਰੋੜ ਰੁਪਏ ਨਕਦ, ਸਵਾ ਕਿਲੋ ਸੋਨਾ ਅਤੇ ਚਾਂਦੀ ਅਤੇ ਕੁਝ ਜ਼ਮੀਨੀ ਦਸਤਾਵੇਜ਼ ਬਰਾਮਦ ਕੀਤੇ ਗਏ ਹਨ। ਜਾਂਚ ਜਾਰੀ ਹੈ।
EDITED BY- HARLEEN KAUR




