ਪਰਵਿੰਦਰ ਸਿੰਘ ਝੋਟਾ ਮਾਮਲੇ ‘ਚ ਮੁੱਖ ਮੁਲਜ਼ਮ ਅਸ਼ਵਨੀ ਦਾ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ

ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ ਸਾਹਮਣੇ ਆਈ ਹੈ। ਇਸ ਮਾਮਲੇ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦਾ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਫਾਰਮੇਸੀ ਕੌਂਸਲ ਨੇ ਅਸ਼ਵਨੀ ਕੁਮਾਰ ਦਾ ਨਾਮ ਰਜਿਸਟਰਡ ਫਾਰਮਾਸਿਸਟਾਂ ਦੀ ਸੂਚੀ ਵਿੱਚੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ।
ਦੂਜੇ ਪਾਸੇ, ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ 11 ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਹੋ ਸਕਿਆ। ਪਰਿਵਾਰ ਅਤੇ ਐਕਸ਼ਨ ਕਮੇਟੀ ਆਪਣੀਆਂ 10 ਮੰਗਾਂ ਨੂੰ ਲੈ ਕੇ ਅੜੇ ਹੋਏ ਹਨ। ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦਿੰਦੀ, ਉਦੋਂ ਤੱਕ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ।
ਇਸ ਦੌਰਾਨ ਵੀਰਵਾਰ ਨੂੰ ਮਾਨਸਾ ਵਿਖੇ ਚੱਲ ਰਹੇ ਧਰਨੇ ਵਿੱਚ ਨਿਹੰਗ ਬਾਬਾ ਰਾਜਾ ਰਾਜ ਸਿੰਘ ਵੀ ਪਹੁੰਚੇ। ਉਨ੍ਹਾਂ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜੇਕਰ ਪਰਵਿੰਦਰ ਸਿੰਘ ਝੋਟਾ ਅੱਜ ਜਿਉਂਦੇ ਹੁੰਦੇ ਤਾਂ ਉਹ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿੱਚ ਉਤਾਰਦੇ। ਉਨ੍ਹਾਂ ਕਿਹਾ ਕਿ ਹੁਣ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੂੰ ਵਿਧਾਨ ਸਭਾ ਚੋਣ ਲੜਾਈ ਜਾਣੀ ਚਾਹੀਦੀ ਹੈ ਤਾਂ ਜੋ ਝੋਟਾ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਦੇਖਿਆ ਗਿਆ ਸੁਪਨਾ ਪੂਰਾ ਕੀਤਾ ਜਾ ਸਕੇ।
ਬਾਬਾ ਰਾਜਾ ਰਾਜ ਸਿੰਘ ਨੇ ਕਿਹਾ ਕਿ ਜੇਕਰ ਮਨਪ੍ਰੀਤ ਕੌਰ ਦੇ ਹੱਥ ਵਿੱਚ ਸਿਆਸੀ ਤਾਕਤ ਆਉਂਦੀ ਹੈ ਤਾਂ ਕਿਸੇ ਵੀ ਡੀਐੱਸਪੀ ਜਾਂ ਐੱਸਐੱਚਓ ਦੀ ਹਿੰਮਤ ਨਹੀਂ ਹੋਵੇਗੀ ਕਿ ਉਹ ਮਾਨਸਾ ਵਿੱਚ ਨਸ਼ਾ ਵਿਕਣ ਦੇਵੇ। ਉਨ੍ਹਾਂ ਦਾਅਵਾ ਕੀਤਾ ਕਿ ਮਨਪ੍ਰੀਤ ਕੌਰ ਮਾਨਸਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ।
ਉਨ੍ਹਾਂ ਸਾਰੀਆਂ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਤਭੇਦ ਭੁਲਾ ਕੇ ਇੱਕ ਮੰਚ ‘ਤੇ ਇਕੱਠੀਆਂ ਹੋਣ ਅਤੇ ਮਨਪ੍ਰੀਤ ਕੌਰ ਨੂੰ ਚੋਣਾਂ ਵਿੱਚ ਕਾਮਯਾਬ ਬਣਾਉਣ ਲਈ ਸਾਥ ਦੇਣ। ਫਿਲਹਾਲ ਪਰਿਵਾਰ ਅਤੇ ਐਕਸ਼ਨ ਕਮੇਟੀ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਸੰਘਰਸ਼ ਜਾਰੀ ਹੈ ਅਤੇ ਸਾਰਿਆਂ ਦੀਆਂ ਨਜ਼ਰਾਂ ਪੰਜਾਬ ਸਰਕਾਰ ਦੇ ਅਗਲੇ ਕਦਮ ‘ਤੇ ਟਿਕੀਆਂ ਹੋਈਆਂ ਹਨ।
EDITED BY- HARLEEN KAUR




