
ਅੰਮ੍ਰਿਤਸਰ ਦੇ ਥਾਣਾ ਸਦਰ ਦੀ ਪੁਲਿਸ ਨੇ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਯਾਦਵਿੰਦਰ ਸਿੰਘ ਇਸ ਮਾਮਲੇ ਦਾ ਕਥਿਤ ਮਾਸਟਰਮਾਈਂਡ ਹੈ, ਜਿਸ ਨੇ ਪੀੜਤ ਦੇ ਮੋਬਾਈਲ ਨੰਬਰ ਦੀ ਜਾਣਕਾਰੀ ਵਿਦੇਸ਼ ਵਿੱਚ ਬੈਠੇ ਇੱਕ ਵਿਅਕਤੀ ਨਾਲ ਸਾਂਝੀ ਕੀਤੀ ਸੀ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ, ਅੰਮ੍ਰਿਤਸਰ ਵਾਸੀ ਪੁਨੀਤ ਅਗਰਵਾਲ ਨੇ ਦੱਸਿਆ ਕਿ ਉਸ ਦੇ ਵਟਸਐਪ ਨੰਬਰ ‘ਤੇ ਇੱਕ ਵਿਦੇਸ਼ੀ ਨੰਬਰ ਤੋਂ ਕਾਲ ਆਈ ਸੀ। ਕਾਲ ਕਰਨ ਵਾਲੇ ਨੇ ਕਥਿਤ ਤੌਰ ‘ਤੇ ਆਪਣੇ ਆਪ ਨੂੰ ਡੋਨੀ ਬੱਲ ਦੱਸਦਿਆਂ ਉਸ ਨੂੰ ਡਰਾਇਆ-ਧਮਕਾਇਆ ਅਤੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਇਸ ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਸਦਰ, ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਨੇ ਜਾਂਚ ਤੇਜ਼ ਕੀਤੀ। ਪੁਲਿਸ ਅਨੁਸਾਰ, ਜਾਂਚ ਦੌਰਾਨ ਫਿਰੌਤੀ ਦੀ ਕਾਲ ਕਰਵਾਉਣ ਦੀ ਸਾਜ਼ਿਸ਼ ਵਿੱਚ ਕਥਿਤ ਤੌਰ ‘ਤੇ ਸ਼ਾਮਲ ਇੱਕ ਮੁਲਜ਼ਮ ਨੂੰ ਕੁਝ ਹੀ ਘੰਟਿਆਂ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਯਾਦਵਿੰਦਰ ਸਿੰਘ, ਉਮਰ 34 ਸਾਲ, ਵਾਸੀ ਤਰਸਿੱਕਾ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ।
ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ, ਯਾਦਵਿੰਦਰ ਸਿੰਘ ਸ਼ਿਕਾਇਤਕਰਤਾ ਪੁਨੀਤ ਅਗਰਵਾਲ ਦਾ ਪਹਿਲਾਂ ਤੋਂ ਜਾਣਕਾਰ ਸੀ। ਦੋਸ਼ ਹੈ ਕਿ ਉਸ ਨੇ ਪੁਨੀਤ ਦਾ ਮੋਬਾਈਲ ਨੰਬਰ ਯੂਕੇ ਵਿੱਚ ਬੈਠੇ ਜੁਵਰਾਜ ਸਿੰਘ ਨਾਲ ਸਾਂਝਾ ਕੀਤਾ ਸੀ। ਪੁਲਿਸ ਦਾ ਕਹਿਣਾ ਹੈ ਕਿ ਇਸ ਤੋਂ ਬਾਅਦ ਵਿਦੇਸ਼ ਵਿੱਚ ਬੈਠੇ ਵਿਅਕਤੀ ਨੇ ਡੋਨੀ ਬੱਲ ਦੇ ਨਾਮ ‘ਤੇ ਕਥਿਤ ਤੌਰ ‘ਤੇ ਫਿਰੌਤੀ ਦੀ ਕਾਲ ਕਰਕੇ 50 ਲੱਖ ਰੁਪਏ ਦੀ ਮੰਗ ਕੀਤੀ ਅਤੇ ਧਮਕੀਆਂ ਦਿੱਤੀਆਂ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਜੁੜੇ ਹੋਰ ਪਹਿਲੂਆਂ ਦੀ ਪੜਤਾਲ ਕੀਤੀ ਜਾ ਰਹੀ ਹੈ।
EDITED BY- HARLEEN KAUR




