टॉप न्यूज़

ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪੰਜਾਬ ਪੁਲਿਸ ਦੇ ਇੱਕ ਏਐੱਸਆਈ ਨੂੰ ਸਥਾਨਕ ਲੋਕਾਂ ਨੇ ਕਥਿਤ ਤੌਰ ‘ਤੇ ਚਿੱਟੇ ਦਾ ਨਸ਼ਾ ਕਰਦਿਆਂ ਫੜ ਲਿਆ। ਇਸ ਘਟਨਾ ਤੋਂ ਬਾਅਦ ਮੌਕੇ ‘ਤੇ ਹੰਗਾਮਾ ਹੋ ਗਿਆ ਅਤੇ ਗੁੱਸੇ ਵਿੱਚ ਆਏ ਕੁਝ ਲੋਕਾਂ ਨੇ ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਵੀ ਕੀਤੀ।

ਜਾਣਕਾਰੀ ਮੁਤਾਬਕ ਇਹ ਘਟਨਾ ਬੁਢਲਾਡਾ ਦੇ ਆਈਟੀਆਈ ਚੌਕ ਦੀ ਹੈ। ਪੁਲਿਸ ਮੁਲਾਜ਼ਮ ਦੀ ਪਛਾਣ ਸਹਿਜਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਜਹਾਨ ਖੇਲਾਂ ਵਿਖੇ ਤਾਇਨਾਤ ਦੱਸਿਆ ਜਾ ਰਿਹਾ ਹੈ। ਉਹ ਡਿਊਟੀ ਦੇ ਸਿਲਸਿਲੇ ਵਿੱਚ ਬੁਢਲਾਡਾ ਆਇਆ ਹੋਇਆ ਸੀ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ। ਜਦੋਂ ਪੁਲਿਸ ਮੁਲਾਜ਼ਮ ਨੂੰ ਉੱਥੋਂ ਲਿਜਾਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕੁਝ ਲੋਕਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ।ਇਸ ਦੌਰਾਨ ਪੁਲਿਸ ਉਕਤ ਏਐੱਸਆਈ ਨੂੰ ਨੇੜਲੇ ਇੱਕ ਆਟੋ ਸ਼ੋਅਰੂਮ ਵਿੱਚ ਲੈ ਗਈ। ਇਸ ਤੋਂ ਭੜਕੇ ਕੁਝ ਲੋਕਾਂ ਨੇ ਸ਼ੋਅਰੂਮ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਪੁਲਿਸ ਖ਼ਿਲਾਫ਼ ਰੋਸ ਪ੍ਰਗਟ ਕੀਤਾ।

ਘਟਨਾ ਤੋਂ ਬਾਅਦ ਸਥਾਨਕ ਲੋਕਾਂ ਦੇ ਨਾਲ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਅਤੇ ਵਰਕਰ ਵੀ ਮੌਕੇ ‘ਤੇ ਇਕੱਠੇ ਹੋ ਗਏ। ਪ੍ਰਦਰਸ਼ਨਕਾਰੀਆਂ ਨੇ ਆਈਟੀਆਈ ਚੌਕ ਵਿੱਚ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਪ੍ਰਦਰਸ਼ਨਕਾਰੀਆਂ ਨੇ ਆਰੋਪ ਲਾਇਆ ਕਿ ਪੰਜਾਬ ਵਿੱਚ ਨਸ਼ਿਆਂ ਨੂੰ ਰੋਕਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਪੁਲਿਸ ਮੁਲਾਜ਼ਮਾਂ ਦੇ ਨਸ਼ੇ ਨਾਲ ਜੁੜੇ ਅਜਿਹੇ ਮਾਮਲੇ ਸਾਹਮਣੇ ਆਉਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਕੁਝ ਪ੍ਰਦਰਸ਼ਨਕਾਰੀਆਂ ਨੇ ਸੱਤਾਧਾਰੀ ਪਾਰਟੀ ਦੇ ਆਗੂਆਂ ‘ਤੇ ਵੀ ਨਸ਼ਿਆਂ ਦੀ ਵਿਕਰੀ ਨੂੰ ਸ਼ਹਿ ਦੇਣ ਦੇ ਦੋਸ਼ ਲਾਏ।

ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਪੁਲਿਸ ਨੇ ਏਐੱਸਆਈ ਸਹਿਜਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਐੱਸਪੀ ਨਰਿੰਦਰ ਸਿੰਘ ਮੁਤਾਬਕ ਮੁਲਾਜ਼ਮ ਦਾ ਸਿਵਲ ਹਸਪਤਾਲ ਵਿੱਚ ਡੋਪ ਟੈਸਟ ਕਰਵਾਇਆ ਗਿਆ ਸੀ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਸਹਿਜਪ੍ਰੀਤ ਸਿੰਘ ਖ਼ਿਲਾਫ਼ ਥਾਣਾ ਸਿਟੀ ਵਿੱਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਘਟਨਾ ਨੇ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਅਤੇ ਪੁਲਿਸ ਦੀ ਕਾਰਗੁਜ਼ਾਰੀ ਨੂੰ ਲੈ ਕੇ ਇੱਕ ਵਾਰ ਫਿਰ ਸਵਾਲ ਖੜ੍ਹੇ ਕਰ ਦਿੱਤੇ ਹਨ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!