ਪੰਜਾਬ CBI ਰੇਡ ਦੇ ਖਿਲਾਫ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ
CM ਮਾਨ ਦੇ ਕੈਂਪ ਆਫਿਸ-OSD ਦੇ ਘਰ ਹੋਈ ਸੀ ਰੇਡ

ਸੁਪਰੀਮ ਕੋਰਟ ਅੱਜ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਬੀਆਈ ਨੂੰ ਕੇਸ ਦਰਜ ਕਰਨ ਅਤੇ ਦੋਸ਼ਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦੇਣ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਸੀਬੀਆਈ ਤੋਂ ਦੋ ਮਹੀਨਿਆਂ ਦੇ ਅੰਦਰ ਸਟੇਟਸ ਰਿਪੋਰਟ ਮੰਗੀ ਹੈ।
ਹਾਈ ਕੋਰਟ ਦੇ ਇਸ ਹੁਕਮ ਤੋਂ ਬਾਅਦ, ਸੀਬੀਆਈ ਨੇ ਮੰਗਲਵਾਰ ਸ਼ਾਮ 5 ਵਜੇ ਪੰਜਾਬ ਦੇ ਅੱਠ ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਚੰਡੀਗੜ੍ਹ ਕੈਂਪ ਦਫ਼ਤਰ ਅਤੇ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਦੀ ਰਿਹਾਇਸ਼ ਸ਼ਾਮਲ ਹੈ। ਟੀਮਾਂ ਨੇ ਲੈਪਟਾਪ, ਮੋਬਾਈਲ ਫੋਨ ਅਤੇ ਦਸਤਾਵੇਜ਼ ਜ਼ਬਤ ਕੀਤੇ। ਇਹ ਕਾਰਵਾਈ ਰਾਤ 11 ਵਜੇ ਤੱਕ ਜਾਰੀ ਰਹੀ ਸੀ।
ਇਸ ਤੋਂ ਬਾਅਦ, ਘੁੰਮਣ ਸਮੇਤ ਛੇ ਵਿਅਕਤੀਆਂ ਨੂੰ ਸੰਮਨ ਜਾਰੀ ਕੀਤੇ ਗਏ ਸਨ। ਉਨ੍ਹਾਂ ਨੂੰ ਚੰਡੀਗੜ੍ਹ ਦੇ ਸੀਬੀਆਈ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਪੇਸ਼ ਨਹੀਂ ਹੋਏ। ਈਡੀ ਨੇ ਤਬਾਦਲਿਆਂ ਅਤੇ ਤਾਇਨਾਤੀਆਂ ਸਬੰਧੀ ਮੁੱਖ ਮੰਤਰੀ ਦਫ਼ਤਰ ਵਿੱਚ ਭ੍ਰਿਸ਼ਟਾਚਾਰ ਦਾ ਦੋਸ਼ ਲਗਾਇਆ ਸੀ। ਈਡੀ ਨੇ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੂੰ ਮੁੱਖ ਦੋਸ਼ੀ ਵਜੋਂ ਨਾਮਜ਼ਦ ਕੀਤਾ ਸੀ, ਪਰ ਪੁਲਿਸ ਨੇ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਨਹੀਂ ਕੀਤੀ।
EDITED BY- HARLEEN KAUR




