टॉप न्यूज़
ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਸੰਗਠਨਾਤਮਕ ਢਾਂਚੇ ਵਿੱਚ ਨਿਯੁਕਤੀ ਕਰਦਿਆਂ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦਾ ਨਵਾਂ ਮੁਖੀ ਬਣਾਇਆ ਗਿਆ ਹੈ। ਧਰਨੀ ਪਾਰਟੀ ਦੇ ਅਧਿਕਾਰਤ ਬੁਲਾਰੇ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।
ਸੁਖਬੀਰ ਸਿੰਘ ਬਾਦਲ ਅਨੁਸਾਰ, ਐਡਵੋਕੇਟ ਅਮਰਦੀਪ ਸਿੰਘ ਧਰਨੀ ਪਾਰਟੀ ਨਾਲ ਸਬੰਧਤ ਕਾਨੂੰਨੀ ਮਾਮਲਿਆਂ ਦੀ ਪੈਰਵੀ ਕਰਨਗੇ। ਇਸ ਦੇ ਨਾਲ ਹੀ ਉਹ ਪਾਰਟੀ ਵਰਕਰਾਂ ਨੂੰ ਲੋੜ ਪੈਣ ‘ਤੇ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਲਈ ਵਕੀਲਾਂ ਦੀ ਇੱਕ ਮਜ਼ਬੂਤ ਟੀਮ ਵੀ ਤਿਆਰ ਕਰਨਗੇ।
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਆਗੂਆਂ ਖ਼ਿਲਾਫ਼ ਸੋਸ਼ਲ ਮੀਡੀਆ ‘ਤੇ ਕੀਤੇ ਜਾਣ ਵਾਲੇ ਕਥਿਤ ਝੂਠੇ ਪ੍ਰਚਾਰ ਅਤੇ ਇਤਰਾਜ਼ਯੋਗ ਦੋਸ਼ਾਂ ਦੀ ਜਾਂਚ ਲਈ 12 ਮੈਂਬਰੀ ਵਿਸ਼ੇਸ਼ ਸਬ-ਕਮੇਟੀ ਬਣਾਈ ਗਈ ਸੀ। ਇਸ ਕਮੇਟੀ ਦੀ ਅਗਵਾਈ ਵੀ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਗਈ ਹੈ।
EDITED BY- HARLEEN KAUR




