
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਲਿਆਰਿਆਂ ਵਿੱਚ ਹਲਚਲ ਮੱਚੀ ਹੋਈ ਹੈ। ਸਾਰੀਆਂ ਪਾਰਟੀਆਂ ਨੇ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਵਿਚਾਲੇ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਵਿੱਚ ਕੌਮੀ ਜਮਹੂਰੀ ਗੱਠਜੋੜ (NDA) ਦੀ ਸਰਕਾਰ ਬਣਨ ਬਾਰੇ ਲਗਾਤਾਰ ਦਿੱਤੇ ਗਏ ਜਨਤਕ ਬਿਆਨਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਸਿਆਸੀ ਸਮਝੌਤਾ ਸਿਰੇ ਚੜ੍ਹਨ ਦੇ ਠੋਸ ਸੰਕੇਤ ਮਿਲਣ ਲੱਗੇ ਹਨ।
ਸੂਤਰਾਂ ਮੁਤਾਬਕ ਪੰਜਾਬ ਵਿਚ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਗੱਠਜੋੜ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਸੀਟਾਂ ਦੀ ਵੰਡ ਬਾਰੇ ਗੱਲਬਾਤ ਇਸ ਸਮੇਂ ਚੱਲ ਰਹੀ ਹੈ। ਭਾਜਪਾ ਲਗਭਗ 35 ਤੋਂ 40 ਸੀਟਾਂ ਉਤੇ ਚੋਣ ਲੜ ਸਕਦੀ ਹੈ। ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਅਕਾਲੀ ਦਲ ਨੂੰ ਹੋਰ ਸੀਟਾਂ ਦਿੱਤੀਆਂ ਜਾਣਗੀਆਂ। ਜੇਕਰ ਪੰਜਾਬ ਵਿੱਚ ਸਰਕਾਰ ਬਣਦੀ ਹੈ ਤਾਂ ਮੁੱਖ ਮੰਤਰੀ ਅਕਾਲੀ ਦਲ ਦਾ ਹੀ ਹੋਵੇਗਾ।
ਭਰੋਸੇਯੋਗ ਸੂਤਰਾਂ ਨੇ ਦੱਸਿਆ ਹੈ ਕਿ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਜਾਰੀ ਹੈ ਅਤੇ ਇਸ ਨੂੰ ਜਲਦ ਹੀ ਅੰਤਿਮ ਰੂਪ ਦਿੱਤੇ ਜਾਣ ਦੀ ਉਮੀਦ ਹੈ। ਸੂਤਰਾਂ ਮੁਤਾਬਕ ਇਸ ਗੱਠਜੋੜ ਦਾ ਰਸਮੀ ਐਲਾਨ ਦੀਵਾਲੀ ਤੋਂ ਬਾਅਦ ਕੀਤਾ ਜਾ ਸਕਦਾ ਹੈ।
ਹਾਲਾਂਕਿ ਭਾਜਪਾ ਅਧਿਕਾਰਤ ਤੌਰ ਉਤੇ ਹਾਲੇ ਵੀ ਇਹੀ ਦਾਅਵਾ ਕਰ ਰਹੀ ਹੈ ਕਿ ਉਹ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਇਸ ਦੇ ਬਾਵਜੂਦ, ਪੰਜਾਬ ਵਿੱਚ ਐੱਨਡੀਏ ਸਰਕਾਰ ਬਣਾਉਣ ਬਾਰੇ ਅਮਿਤ ਸ਼ਾਹ ਦੇ ਵਾਰ-ਵਾਰ ਆ ਰਹੇ ਬਿਆਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਗੱਲਬਾਤ ਦੇ ਸਾਕਾਰਾਤਮਕ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਸੁਖਬੀਰ ਬਾਦਲ ਵੀ ਭਾਜਪਾ ਨਾਲ ਗੱਠਜੋੜ ਤੋਂ ਖੁੱਲ੍ਹ ਕੇ ਇਨਕਾਰ ਨਹੀਂ ਕਰ ਰਹੇ ਹਨ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਦੋ ਵਾਰ ਕਿਹਾ ਕਿ ‘ਆਪ’ ਅਤੇ ਕਾਂਗਰਸ ਉਨ੍ਹਾਂ ਦੇ ਕੱਟੜ ਦੁਸ਼ਮਣ ਹਨ, ਅਤੇ ਗੱਠਜੋੜ ਦੇ ਦਰਵਾਜ਼ੇ ਉਨ੍ਹਾਂ ਸਾਰਿਆਂ ਲਈ ਖੁੱਲ੍ਹੇ ਹਨ, ਜਿਨ੍ਹਾਂ ਦੇ ਵਿਚਾਰ ਉਨ੍ਹਾਂ ਨਾਲ ਮੇਲ ਖਾਂਦੇ ਹਨ।
EDITED BY- HARLEEN KAUR




