
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੇ ਇੱਕ ਵਾਰ ਫਿਰ ਚਿੰਤਾ ਵਧਾ ਦਿੱਤੀ ਹੈ। ਝੋਨੇ ਦੀ ਕਟਾਈ ਦਾ ਸੀਜ਼ਨ ਚੱਲਦਿਆਂ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਇਸ ਮਾਮਲੇ ਵਿੱਚ ਸਰਹੱਦੀ ਜ਼ਿਲ੍ਹਾ ਤਰਨਤਾਰਨ ਪੂਰੇ ਪੰਜਾਬ ਵਿੱਚ ਪਹਿਲੇ ਨੰਬਰ ‘ਤੇ ਪਹੁੰਚ ਗਿਆ ਹੈ। ਇੱਥੇ ਹੁਣ ਤੱਕ ਪਰਾਲੀ ਸਾੜਨ ਦੀਆਂ 654 ਘਟਨਾਵਾਂ ਦਰਜ ਕੀਤੀਆਂ ਜਾ ਚੁੱਕੀਆਂ ਹਨ।
ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਵੱਲੋਂ 8 ਨਵੰਬਰ ਤੱਕ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਤਰਨਤਾਰਨ ਵਿੱਚ 654 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਮੌਕੇ ‘ਤੇ ਕੀਤੀਆਂ ਗਈਆਂ ਜਾਂਚਾਂ ਦੌਰਾਨ 306 ਥਾਵਾਂ ‘ਤੇ ਪਰਾਲੀ ਸਾੜਨ ਦੇ ਸਬੂਤ ਵੀ ਮਿਲੇ ਹਨ। ਇਹ ਅੰਕੜੇ ਜ਼ਿਲ੍ਹੇ ਵਿੱਚ ਸਮੱਸਿਆ ਦੀ ਗੰਭੀਰਤਾ ਨੂੰ ਦਰਸਾਉਂਦੇ ਹਨ।
ਜੇਕਰ ਪੂਰੇ ਪੰਜਾਬ ਦੀ ਸਥਿਤੀ ‘ਤੇ ਨਜ਼ਰ ਮਾਰੀਏ ਤਾਂ 8 ਨਵੰਬਰ ਤੱਕ ਪਰਾਲੀ ਸਾੜਨ ਦੀਆਂ ਕੁੱਲ 4,459 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਜ਼ਿਲ੍ਹਾਵਾਰ ਸੂਚੀ ਵਿੱਚ ਤਰਨਤਾਰਨ ਸਭ ਤੋਂ ਉੱਪਰ ਹੈ, ਜਦਕਿ ਫਿਰੋਜ਼ਪੁਰ 592 ਮਾਮਲਿਆਂ ਨਾਲ ਦੂਜੇ ਸਥਾਨ ‘ਤੇ ਹੈ। ਇਸ ਤੋਂ ਬਾਅਦ ਸੰਗਰੂਰ ਵਿੱਚ 488, ਬਠਿੰਡਾ ਵਿੱਚ 406 ਅਤੇ ਪਟਿਆਲਾ ਵਿੱਚ 288 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ।
ਇਨ੍ਹਾਂ ਅੰਕੜਿਆਂ ਤੋਂ ਸਪੱਸ਼ਟ ਹੈ ਕਿ ਪਰਾਲੀ ਸਾੜਨ ਦੀ ਸਮੱਸਿਆ ਸਿਰਫ਼ ਇੱਕ ਜ਼ਿਲ੍ਹੇ ਤੱਕ ਸੀਮਤ ਨਹੀਂ ਹੈ। ਸੂਬੇ ਦੇ ਕਈ ਖੇਤਰਾਂ ਵਿੱਚ ਕਿਸਾਨਾਂ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਨਾਲ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋਣ ਦੇ ਨਾਲ-ਨਾਲ ਵਾਤਾਵਰਨ ਅਤੇ ਲੋਕਾਂ ਦੀ ਸਿਹਤ ਲਈ ਵੀ ਚੁਣੌਤੀਆਂ ਪੈਦਾ ਹੁੰਦੀਆਂ ਹਨ।
ਦੂਜੇ ਪਾਸੇ, ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਵਾਲੀਆਂ ਥਾਵਾਂ ਦੀ ਪਛਾਣ ਕਰਨ ਲਈ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ। ਸੂਬੇ ਭਰ ਵਿੱਚ ਹੁਣ ਤੱਕ 2,998 ਥਾਵਾਂ ਦੀ ਜਾਂਚ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 1,310 ਥਾਵਾਂ ‘ਤੇ ਪਰਾਲੀ ਸਾੜਨ ਦੀ ਪੁਸ਼ਟੀ ਹੋਈ ਹੈ। ਇਸ ਕਾਰਵਾਈ ਦੌਰਾਨ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਦਮ ਵੀ ਚੁੱਕੇ ਜਾ ਰਹੇ ਹਨ।
ਸਰਕਾਰੀ ਅੰਕੜਿਆਂ ਮੁਤਾਬਕ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਹੁਣ ਤੱਕ 884 ਐੱਫਆਈਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ 1,017 ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਪ੍ਰਸ਼ਾਸਨ ਵੱਲੋਂ ਇਨ੍ਹਾਂ ਕਾਰਵਾਈਆਂ ਰਾਹੀਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹਾਲਾਂਕਿ, ਤਰਨਤਾਰਨ ਵਿੱਚ 654 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕਈ ਅਹਿਮ ਸਵਾਲ ਖੜ੍ਹੇ ਹੋ ਰਹੇ ਹਨ। ਆਖ਼ਰ ਇਸ ਸਰਹੱਦੀ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਇੰਨੀ ਵੱਡੀ ਗਿਣਤੀ ਵਿੱਚ ਕਿਉਂ ਹੋ ਰਹੀਆਂ ਹਨ? ਕੀ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀਆਂ ਮਸ਼ੀਨਾਂ ਅਤੇ ਹੋਰ ਸਹੂਲਤਾਂ ਸਮੇਂ ਸਿਰ ਮਿਲ ਰਹੀਆਂ ਹਨ? ਇਨ੍ਹਾਂ ਸਵਾਲਾਂ ਦੇ ਜਵਾਬ ਮਿਲਣੇ ਜ਼ਰੂਰੀ ਹਨ।
ਹੁਣ ਦੇਖਣਾ ਹੋਵੇਗਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਇਸ ਸਮੱਸਿਆ ਨੂੰ ਕਾਬੂ ਕਰਨ ਲਈ ਕਿਹੜੇ ਨਵੇਂ ਕਦਮ ਚੁੱਕਦੇ ਹਨ। ਕਿਉਂਕਿ ਇੱਕ ਪਾਸੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਸੁਵਿਧਾਜਨਕ ਬਦਲ ਮੁਹੱਈਆ ਕਰਵਾਉਣ ਦੀ ਲੋੜ ਹੈ, ਉੱਥੇ ਹੀ ਦੂਜੇ ਪਾਸੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਵੀ ਜਾਰੀ ਰੱਖਣੀ ਹੋਵੇਗੀ।
EDITED BY- HARLEEN KAUR




