
ਪੰਜਾਬ ਦੇ ਉਦਯੋਗਿਕ ਭਵਿੱਖ ਨਾਲ ਜੁੜੀ ਇੱਕ ਵੱਡੀ ਖ਼ਬਰ ਮੁਹਾਲੀ ਤੋਂ ਸਾਹਮਣੇ ਆਈ ਹੈ, ਜਿੱਥੇ ਵਿਸ਼ਵ ਪ੍ਰਸਿੱਧ ਆਈਟੀ ਕੰਪਨੀ ਇਨਫੋਸਿਸ ਨੇ ਆਪਣੇ ਨਵੇਂ ਕੈਂਪਸ ਲਈ ਨੀਂਹ ਪੱਥਰ ਰੱਖ ਕੇ ਸੂਬੇ ਵਿੱਚ ਨਿਵੇਸ਼ ਦਾ ਨਵਾਂ ਸੰਕੇਤ ਦਿੱਤਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹੁਣ ਉਦਯੋਗਿਕ ਤਰੱਕੀ ਦੇ ਨਵੇਂ ਦੌਰ ਵਿੱਚ ਦਾਖਲ ਹੋ ਰਿਹਾ ਹੈ ਅਤੇ ਸਾਲ 2022 ਤੋਂ ਪਹਿਲਾਂ ਦੀ ਲੁੱਟ-ਖਸੁੱਟ ਦੇ ਮਾਹੌਲ ਤੋਂ ਬਾਅਦ ਹੁਣ ਵਿਸ਼ਵ ਪੱਧਰੀ ਨਿਵੇਸ਼ਕ ਮੁੜ ਸੂਬੇ ਵੱਲ ਰੁਖ ਕਰ ਰਹੇ ਹਨ।
ਮੁਹਾਲੀ ਵਿੱਚ 286 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਨਫੋਸਿਸ ਕੈਂਪਸ ਦੇ ਨੀਂਹ ਪੱਥਰ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਦੇ ਨੌਜਵਾਨਾਂ ਲਈ ਵੱਡੇ ਮੌਕੇ ਲੈ ਕੇ ਆਵੇਗਾ। ਉਨ੍ਹਾਂ ਦੱਸਿਆ ਕਿ ਇਸ ਨਾਲ ਸਿੱਧੇ ਤੌਰ ‘ਤੇ 2700 ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ, ਜਦਕਿ ਹਜ਼ਾਰਾਂ ਹੋਰਾਂ ਲਈ ਅਸਿੱਧੇ ਤੌਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।
ਮੁੱਖ ਮੰਤਰੀ ਨੇ ਦੱਸਿਆ ਕਿ ਇਹ ਕੈਂਪਸ ਇੱਕ ਆਧੁਨਿਕ ਏਕੀਕ੍ਰਿਤ ਢਾਂਚੇ ਦੇ ਤੌਰ ‘ਤੇ ਵਿਕਸਤ ਕੀਤਾ ਜਾਵੇਗਾ। ਪਹਿਲੇ ਪੜਾਅ ਵਿੱਚ ਸਾਫਟਵੇਅਰ ਡਿਵੈਲਪਮੈਂਟ ਬਲਾਕ, ਫੂਡ ਕੋਰਟ ਅਤੇ ਹੋਰ ਆਧੁਨਿਕ ਸਹੂਲਤਾਂ ਤਿਆਰ ਕੀਤੀਆਂ ਜਾਣਗੀਆਂ। ਕਰੀਬ 3.50 ਲੱਖ ਵਰਗ ਫੁੱਟ ਖੇਤਰ ਵਿੱਚ ਬਣਨ ਵਾਲੇ ਇਸ ਕੈਂਪਸ ਵਿੱਚ ਲਗਭਗ ਤਿੰਨ ਹਜ਼ਾਰ ਲੋਕਾਂ ਲਈ ਬੈਠਣ ਦੀ ਸਮਰੱਥਾ ਹੋਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਉਦਯੋਗ-ਪੱਖੀ ਨੀਤੀਆਂ ਰਾਹੀਂ ਸੂਬੇ ਵਿੱਚ ਨਿਵੇਸ਼ ਲਈ ਮਜ਼ਬੂਤ ਮਾਹੌਲ ਤਿਆਰ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਨੂੰ 1.55 ਲੱਖ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਮਿਲ ਚੁੱਕੇ ਹਨ, ਜਿਸ ਨਾਲ 5.44 ਲੱਖ ਤੋਂ ਵੱਧ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਬਣ ਰਹੇ ਹਨ।
ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ 13 ਤੋਂ 15 ਮਾਰਚ ਤੱਕ ਹੋਣ ਵਾਲਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਸੂਬੇ ਦੀ ਉਦਯੋਗਿਕ ਤਰੱਕੀ ਲਈ ਮਹੱਤਵਪੂਰਨ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਆਉਣ ਵਾਲੇ ਤਿੰਨ ਦਿਨ ਪੰਜਾਬ ਦੇ ਆਰਥਿਕ ਭਵਿੱਖ ਲਈ ਨਵੀਆਂ ਸੰਭਾਵਨਾਵਾਂ ਦਾ ਦਰਵਾਜ਼ਾ ਖੋਲ੍ਹਣਗੇ।
ਇਨਫੋਸਿਸ ਦੇ ਨੁਮਾਇੰਦਿਆਂ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੰਪਨੀ ਵੱਲੋਂ ਪੰਜਾਬ ਵਿੱਚ ਨਿਵੇਸ਼ ਕਰਨਾ ਸੂਬੇ ਦੀਆਂ ਉਦਯੋਗ-ਪੱਖੀ ਨੀਤੀਆਂ ‘ਤੇ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਨੇ ਇਨਫੋਸਿਸ ਦੇ ਬਾਨੀ ਐਨ.ਆਰ. ਨਾਰਾਇਣ ਮੂਰਤੀ ਦੇ ਦੇਸ਼ ਦੀ ਆਰਥਿਕ ਤਰੱਕੀ ਵਿੱਚ ਯੋਗਦਾਨ ਨੂੰ ਵੀ ਯਾਦ ਕਰਦੇ ਹੋਏ ਉਨ੍ਹਾਂ ਨੂੰ ਭਾਰਤੀ ਆਈਟੀ ਖੇਤਰ ਦਾ ਪਿਤਾਮਾ ਕਰਾਰ ਦਿੱਤਾ।
EDITED BY- HARLEEN KAUR




