टॉप न्यूज़
ਪੰਜਾਬ ‘ਚ 275 ਕਰੋੜ ਦੇ ਪ੍ਰਾਜੈਕਟ ਦਾ ਐਲਾਨ

ਪੰਜਾਬ ਵਿੱਚ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣ ਲਈ ਸਰਕਾਰ ਵੱਲੋਂ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿਹਤ ਢਾਂਚੇ ਨੂੰ ਮਜ਼ਬੂਤ ਬਣਾਉਣ ਦੇ ਯਤਨਾਂ ਦੇ ਤਹਿਤ ਹੁਣ ਕਪੂਰਥਲਾ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਦਾ ਐਲਾਨ ਕੀਤਾ ਗਿਆ ਹੈ।
ਇਸ ਮਹੱਤਵਪੂਰਨ ਐਲਾਨ ਦੀ ਜਾਣਕਾਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਬਣ ਰਹੇ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਤੋਂ ਬਾਅਦ ਇਸ ਮਹੀਨੇ ਦਾ ਇਹ ਦੂਜਾ ਵੱਡਾ ਪ੍ਰਾਜੈਕਟ ਹੈ, ਜੋ ਸੂਬੇ ਦੀ ਮੈਡੀਕਲ ਸਿੱਖਿਆ ਸਮਰੱਥਾ ਨੂੰ ਹੋਰ ਵਧਾਏਗਾ।
ਕਪੂਰਥਲਾ ਦੇ ਮੌਜੂਦਾ ਜ਼ਿਲ੍ਹਾ ਹਸਪਤਾਲ ਕੰਪਲੈਕਸ ਵਿੱਚ ਬਣਨ ਵਾਲਾ ਇਹ ਸੰਸਥਾਨ ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਨਾਮ ਨਾਲ ਜਾਣਿਆ ਜਾਵੇਗਾ। ਮੰਤਰੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਲਈ ਟੈਂਡਰਿੰਗ ਸਮੇਤ ਸਾਰੀਆਂ ਜ਼ਰੂਰੀ ਕਾਰਵਾਈਆਂ ਪੂਰੀਆਂ ਹੋ ਚੁੱਕੀਆਂ ਹਨ ਅਤੇ ਕੰਮ 25 ਮਾਰਚ 2026 ਤੋਂ ਸ਼ੁਰੂ ਹੋ ਜਾਵੇਗਾ। ਇਸਨੂੰ ਅਗਲੇ 24 ਮਹੀਨਿਆਂ ਵਿੱਚ, ਯਾਨੀ ਮਾਰਚ 2028 ਤੱਕ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ।
275 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਇਸ ਪ੍ਰਾਜੈਕਟ ਵਿੱਚ 300 ਬਿਸਤਰਿਆਂ ਵਾਲਾ ਹਸਪਤਾਲ ਅਤੇ ਇੱਕ ਆਧੁਨਿਕ ਮੈਡੀਕਲ ਕਾਲਜ ਸ਼ਾਮਲ ਹੋਵੇਗਾ। ਇੱਥੇ ਹਰ ਸਾਲ 100 ਐਮ.ਬੀ.ਬੀ.ਐਸ. ਸੀਟਾਂ ਉਪਲਬਧ ਹੋਣਗੀਆਂ, ਜਿਸ ਨਾਲ ਪੰਜਾਬ ਦੇ ਵਿਦਿਆਰਥੀਆਂ ਨੂੰ ਡਾਕਟਰੀ ਦੀ ਪੜ੍ਹਾਈ ਲਈ ਵਿਦੇਸ਼ ਜਾਣ ਦੀ ਲੋੜ ਘੱਟ ਹੋ ਜਾਵੇਗੀ।
ਇਸ ਪ੍ਰਾਜੈਕਟ ਦੇ ਲਾਭਾਂ ਬਾਰੇ ਗੱਲ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਸੰਸਥਾ ਨਾ ਸਿਰਫ ਮੈਡੀਕਲ ਸਿੱਖਿਆ ਵਿੱਚ ਵਾਧਾ ਕਰੇਗੀ, ਸਗੋਂ ਖੇਤਰ ਦੇ ਲੋਕਾਂ ਨੂੰ ਅਧੁਨਿਕ ਸਿਹਤ ਸੇਵਾਵਾਂ ਵੀ ਮੁਹੱਈਆ ਕਰਵਾਏਗੀ। ਇਸ ਨਾਲ ਸਿੱਧੇ ਤੌਰ ‘ਤੇ 1000 ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਕਈ ਹੋਰ ਲੋਕ ਅਸਿੱਧੇ ਤੌਰ ‘ਤੇ ਲਾਭਾਨਵਿਤ ਹੋਣਗੇ।
ਇਸਦੇ ਨਾਲ ਹੀ ਸੂਬੇ ਦੇ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸੁਲਤਾਨਪੁਰ ਲੋਧੀ ਦੇ ਸਰਕਾਰੀ ਹਸਪਤਾਲ ਨੂੰ ਸ਼ਹਿਰੀ ਕੇਂਦਰ ਅਤੇ ਬੇਗੋਵਾਲ ਦੇ ਹਸਪਤਾਲ ਨੂੰ ਪੇਂਡੂ ਕੇਂਦਰ ਵਜੋਂ ਅਪਗ੍ਰੇਡ ਕਰਨ ਦੀ ਯੋਜਨਾ ਵੀ ਤਿਆਰ ਕੀਤੀ ਗਈ ਹੈ। ਇਹ ਦੋਵੇਂ ਕੇਂਦਰ ਨਵੇਂ ਮੈਡੀਕਲ ਕਾਲਜ ਨਾਲ ਜੁੜ ਕੇ ਕੰਮ ਕਰਨਗੇ, ਜਿਸ ਨਾਲ ਇਲਾਕੇ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਹੋਰ ਵਧੇਗੀ।
EDITED BY- HARLEEN KAUR



