ਪੰਜਾਬ ਦੇ ਨਵਾਂਸ਼ਹਿਰ ਵਾਸੀਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ, ਜਿਸ ਨਾਲ ਉਨ੍ਹਾਂ ਵਿਚਾਲੇ ਹਾਹਾਕਾਰ ਮੱਚ ਗਿਆ ਹੈ। ਦੱਸ ਦੇਈਏ ਕਿ ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਮਾਣਯੋਗ ਸੁਪਰੀਮ ਕੋਰਟ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਵਿਚ ਸ਼ੋਰ ਪ੍ਰਦੂਸ਼ਣ ’ਤੇ ਰੋਕ ਅਤੇ ਨਿਯੰਤਰਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਵੱਖ-ਵੱਖ ਸੰਸਥਾਵਾਂ ਅਤੇ ਅਦਾਰਿਆਂ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਇਨ੍ਹਾਂ ਹੁਕਮਾਂ ’ਚ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਵੱਖ-ਵੱਖ ਰਾਜਨੀਤਕ ਪਾਰਟੀਆਂ, ਜਥੇਬੰਦੀਆਂ ਦੇ ਲੀਡਰਾਂ ਅਤੇ ਅਹੁਦੇਦਾਰਾਂ ਵੱਲੋਂ ਕੀਤੇ ਜਾਣ ਵਾਲੇ ਜਲਸਿਆਂ, ਰੈਲੀਆਂ, ਰੋਸ ਧਰਨੇ ਆਦਿ, ਕਿਸੇ ਵੀ ਐੱਨ. ਜੀ. ਓਜ਼, ਪ੍ਰਾਈਵੇਟ, ਸਮਾਜਿਕ, ਮੰਦਰਾਂ, ਮਸਜਿਦਾਂ ਅਤੇ ਗੁਰਦੁਆਰਿਆਂ ਦੀਆਂ ਪ੍ਰਬੰਧਕੀ ਸੰਸਥਾਵਾਂ, ਵਪਾਰਕ ਸੰਸਥਾਵਾਂ/ਅਦਾਰਿਆਂ ਆਦਿ ਦੇ ਪ੍ਰਬੰਧਕਾਂ/ਅਹੁਦੇਦਾਰਾਂ ਵੱਲੋਂ ਵੱਖ-ਵੱਖ ਪ੍ਰੋਗਰਾਮ, ਸਮਾਗਮ ਆਦਿ ਮੌਕੇ ’ਤੇ ਕਿਸੇ ਵੀ ਬਿਲਡਿੰਗ, ਪਬਲਿਕ ਸਥਾਨਾਂ, ਖੁੱਲ੍ਹੇ ਸਥਾਨਾਂ, ਪੰਡਾਲਾਂ ਵਿਚ ਲਾਊਡ ਸਪੀਕਰ ਆਦਿ ਦੀ ਵਰਤੋਂ ਲਈ ਅਤੇ ਕਿਸੇ ਵੱਲੋਂ ਵੀ ਵਿਆਹਾਂ-ਸ਼ਾਦੀਆਂ, ਖ਼ੁਸ਼ੀ ਦੇ ਮੌਕਿਆਂ ਅਤੇ ਹੋਰ ਵੱਖ-ਵੱਖ ਮੌਕਿਆਂ ਆਦਿ ’ਤੇ ਮੈਰਿਜ ਪੈਲੇਸਾਂ, ਕਲੱਬਾਂ, ਹੋਟਲਾਂ ਅਤੇ ਖੁੱਲ੍ਹੇ ਸਥਾਨਾਂ ਆਦਿ ਵਿਚ ਡੀ. ਜੇ, ਆਰਕੈਸਟਰਾ, ਸੰਗੀਤਕ ਯੰਤਰ ਆਦਿ ਦੀ ਵਰਤੋਂ ਕਿਸੇ ਵੀ ਸਮੇਂ (ਦਿਨ ਜਾਂ ਰਾਤ), ਸਬੰਧਤ ਉੱਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੁਆਇਸ) ਐਕਟ, 1956 ਵਿਚ ਦਰਜ ਸ਼ਰਤਾਂ ਤਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਏ ਜਾਣਗੇ।
ਲਿਖਤੀ ਪ੍ਰਵਾਨਗੀ ਲੈਣ ਉਪਰੰਤ ਇਹ ਅੰਡਰਟੇਕਿੰਗ ਦੇਣੀ ਪਵੇਗੀ ਕਿ ਆਵਾਜ਼ ਦਾ ਪੱਧਰ 10 ਡੀ. ਬੀ. (ਏ) ਤੋਂ ਜ਼ਿਆਦਾ ਨਹੀਂ ਹੋਵੇਗਾ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਹਦਾਇਤਾਂ ਮੁਤਾਬਿਕ ਇਮਤਿਹਾਨਾਂ ਦੇ ਦਿਨਾਂ ’ਚ ਪ੍ਰੀਖਿਆ ਤੋਂ 15 ਦਿਨ ਪਹਿਲਾਂ ਕਿਸੇ ਵੀ ਲਾਊਡ ਸਪੀਕਰ ਆਦਿ ਦੀ ਪ੍ਰਵਾਨਗੀ ਨਾ ਦੇਣਾ ਸਬੰਧਤ ਉੱਪ ਮੰਡਲ ਮੈਜਿਸਟ੍ਰੇਟ ਯਕੀਨੀ ਬਣਾਉਣਗੇ।
ਇਸੇ ਤਰ੍ਹਾਂ ਜ਼ਿਲ੍ਹੇ ਦੀ ਹਦੂਦ ਅੰਦਰ ਲਾਊਡ ਸਪੀਕਰ ਅਤੇ ਕਿਸੇ ਵੀ ਹੋਰ ਸੰਗੀਤਕ ਯੰਤਰ ਆਦਿ ਚਲਾਉਣ ਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਉਕਤ ਕਿਸੇ ਵੀ ਆਵਾਜ਼ੀ ਅਤੇ ਸੰਗੀਤਕ ਯੰਤਰਾਂ ਆਦਿ ਦੇ ਕਿਸੇ ਵੀ ਬਿਲਡਿੰਗ ਵਿਚ ਅਤੇ ਸਥਾਨ ’ਤੇ ਚਲਾਉਣ/ਵਜਾਉਣ ’ਤੇ ਮੁਕੰਮਲ ਪਾਬੰਦੀ ਹੋਵੇਗੀ, ਸਿਵਾਏੇ ਸੱਭਿਆਚਾਰਕ ਅਤੇ ਧਾਰਮਿਕ ਮੌਕਿਆਂ ’ਤੇ ਰਾਤ 10 ਵਜੇ ਤੋਂ 12 ਵਜੇ ਤੱਕ, ਜਿਹੜੇ ਕਿ ਪੂਰੇ ਸਾਲ ਵਿਚ 15 ਦਿਨਾਂ ਤੋਂ ਵੱਧ ਨਹੀਂ ਹੋਣਗੇ ਅਤੇ ਆਵਾਜ਼ ਦਾ ਪੱਧਰ 10 ਡੀ. ਬੀ. (ਏ) ਤੋਂ ਜ਼ਿਆਦਾ ਨਹੀਂ ਹੋਵੇਗਾ। ਇਸ ਤੋਂ ਇਲਾਵਾ ਨਿੱਜੀ ਮਲਕੀਅਤ ਵਾਲੇ ਸਾਊਂਡ ਸਿਸਟਮ ਅਤੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਦੀ ਆਵਾਜ਼ ਦਾ ਪੱਧਰ 5 ਡੀ. ਬੀ. (ਏ) ਤੋਂ ਜ਼ਿਆਦਾ ਨਹੀਂ ਹੋਵੇਗਾ। ਇਹ ਹੁਕਮ 20 ਮਈ 2026 ਤੱਕ ਲਾਗੂ ਰਹੇਗਾ।
EDITED BY- HARLEEN KAUR




