टॉप न्यूज़

ਬੇਅਦਬੀ ਕਾਨੂੰਨ ਪਾਸ ਹੋਣ ‘ਤੇ ਪੰਜਾਬ ਭਰ ‘ਚ ਖੁਸ਼ੀ ਦੀ ਲਹਿਰ

ਸਮਾਣਾ ‘ਚ ਮੋਰਚੇ ਦੌਰਾਨ ਗੂੰਜੇ ਜੈਕਾਰੇ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੂਬਾ ਸਰਕਾਰ ਵੱਲੋਂ ਇੱਕ ਅਹਿਮ ਅਤੇ ਸੰਵੇਦਨਸ਼ੀਲ ਫੈਸਲਾ ਲੈਂਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੇਤ ਸਮੂਹ ਧਰਮਾਂ ਦੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨ ਪਾਸ ਕੀਤਾ ਗਿਆ ਹੈ। ਇਹ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੋਂ ਬਾਅਦ ਸੂਬੇ ਭਰ ਵਿੱਚ ਖੁਸ਼ੀ ਅਤੇ ਸੰਤੋਖ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।
ਇਸ ਫੈਸਲੇ ਦੀ ਗੂੰਜ ਸਿਰਫ਼ ਵਿਧਾਨ ਸਭਾ ਤੱਕ ਹੀ ਸੀਮਿਤ ਨਹੀਂ ਰਹੀ, ਸਗੋਂ ਇਸਦਾ ਅਸਰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਵੀ ਵੇਖਣ ਨੂੰ ਮਿਲਿਆ। ਸਮਾਣਾ ਦੇ ਬੰਦਾ ਸਿੰਘ ਬਹਾਦਰ ਚੌਂਕ ‘ਚ ਪਿਛਲੇ ਲਗਭਗ 49 ਦਿਨਾਂ ਤੋਂ ਚੱਲ ਰਹੇ ਧਰਮ ਯੁੱਧ ਮੋਰਚੇ ਵਿੱਚ ਵੀ ਇਸ ਖ਼ਬਰ ਦੇ ਆਉਂਦੇ ਹੀ ਮਾਹੌਲ ਬਦਲ ਗਿਆ।
ਜਿਵੇਂ ਹੀ ਬਿੱਲ ਪਾਸ ਹੋਣ ਦੀ ਜਾਣਕਾਰੀ ਮੋਰਚੇ ਤੱਕ ਪਹੁੰਚੀ, ਉੱਥੇ ਮੌਜੂਦ ਆਗੂਆਂ ਅਤੇ ਸਿੱਖ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਸੰਗਤਾਂ ਵੱਲੋਂ ਉਤਸ਼ਾਹ ਨਾਲ “ਬੋਲੇ ਸੋ ਨਿਹਾਲ… ਸਤਿ ਸ੍ਰੀ ਅਕਾਲ” ਦੇ ਜੈਕਾਰੇ ਲਗਾਏ ਗਏ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕੀਤਾ ਗਿਆ।
ਮੋਰਚੇ ਨਾਲ ਜੁੜੇ ਆਗੂਆਂ ਨੇ ਕਿਹਾ ਕਿ ਇਹ ਕਾਨੂੰਨ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਦਾ ਨਤੀਜਾ ਹੈ ਅਤੇ ਇਸ ਨਾਲ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ‘ਤੇ ਰੋਕ ਲੱਗਣ ਦੀ ਉਮੀਦ ਹੈ। ਉਨ੍ਹਾਂ ਸਰਕਾਰ ਦੇ ਇਸ ਕਦਮ ਨੂੰ ਸਹੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਲ ਕਰਾਰ ਦਿੱਤਾ।
ਸੰਗਤਾਂ ਦਾ ਮੰਨਣਾ ਹੈ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨਾਲ ਜੁੜੀਆਂ ਘਟਨਾਵਾਂ ਨੇ ਪਿਛਲੇ ਸਮੇਂ ਵਿੱਚ ਸੂਬੇ ਦੀ ਸਮਾਜਿਕ ਸਾਂਝ ਨੂੰ ਨੁਕਸਾਨ ਪਹੁੰਚਾਇਆ ਹੈ, ਜਿਸ ਕਾਰਨ ਸਖ਼ਤ ਕਾਨੂੰਨ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਹੁਣ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਲੋਕਾਂ ਨੂੰ ਨਿਆਂ ਦੀ ਉਮੀਦ ਜਗੀ ਹੈ।
ਇਸ ਮੌਕੇ ਸੰਗਤਾਂ ਨੇ ਅਰਦਾਸ ਕਰਦੇ ਹੋਏ ਕਿਹਾ ਕਿ ਅਗਲੇ ਸਮੇਂ ਵਿੱਚ ਪੰਜਾਬ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਧਾਰਮਿਕ ਸਤਿਕਾਰ ਬਣਿਆ ਰਹੇ। ਨਾਲ ਹੀ ਉਨ੍ਹਾਂ ਨੇ ਇਹ ਵੀ ਉਮੀਦ ਜਤਾਈ ਕਿ ਸਰਕਾਰ ਇਸ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰੇਗੀ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!