
ਹੁਸ਼ਿਆਰਪੁਰ ਦੇ ਦਸੂਹਾ ਹਲਕੇ ਦੇ ਘੋਗਰਾ ਵਿੱਚ ਹੋਈ ਲੋਕ ਮਿਲਣੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੇ ਐਲਾਨ ਕਰਦੇ ਹੋਏ ਵਿਰੋਧੀ ਧਿਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਆਮ ਆਦਮੀ ਪਾਰਟੀ ਸੱਤਾ ਵਿੱਚ ਹੈ, ਸੂਬੇ ਦੀਆਂ ਔਰਤਾਂ ਨੂੰ ਸਨਮਾਨ ਰਾਸ਼ੀ ਮਿਲਦੀ ਰਹੇਗੀ ਅਤੇ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਜਾਰੀ ਰਹੇਗੀ।
ਲੋਕਾਂ ਨਾਲ ਸਿੱਧੀ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮਕਸਦ ਲੋਕਾਂ ਦੀ ਜ਼ਿੰਦਗੀ ਨੂੰ ਆਸਾਨ ਅਤੇ ਸੁਖਾਲੀ ਬਣਾਉਣਾ ਹੈ। ਇਸੇ ਦੌਰਾਨ ਉਨ੍ਹਾਂ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਕਾਨੂੰਨ ਨਾਲ ਬੇਅਦਬੀ ਦੀਆਂ ਘਟਨਾਵਾਂ ‘ਤੇ ਸਖ਼ਤ ਰੋਕ ਲੱਗੇਗੀ, ਕਿਉਂਕਿ ਹੁਣ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ।
ਮੁੱਖ ਮੰਤਰੀ ਮਾਨ ਨੇ ਵਿਰੋਧੀ ਪਾਰਟੀਆਂ ‘ਤੇ ਹਮਲਾ ਕਰਦਿਆਂ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਨੇ ਸੂਬੇ ਨੂੰ ਨਸ਼ਿਆਂ ਵਿੱਚ ਧੱਕਿਆ ਅਤੇ ਹੁਣ ਵੀ ਕੂੜ ਪ੍ਰਚਾਰ ਰਾਹੀਂ ਪੰਜਾਬ ਦੀ ਛਵੀ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਅਤੇ ਪਿਛਲੀਆਂ ਸਰਕਾਰਾਂ ਵਿੱਚ ਵੱਡਾ ਫਰਕ ਇਹ ਹੈ ਕਿ ਹੁਣ ਲੋਕਾਂ ਦਾ ਪੈਸਾ ਸਿੱਧਾ ਲੋਕਾਂ ‘ਤੇ ਖਰਚ ਹੋ ਰਿਹਾ ਹੈ, ਨਾ ਕਿ ਲੀਡਰਾਂ ਦੀਆਂ ਜੇਬਾਂ ਵਿੱਚ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਹਮੇਸ਼ਾ ਲੋਕਾਂ ਨੂੰ ਸਿਰਫ਼ ਵੋਟ ਬੈਂਕ ਸਮਝਿਆ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ ਨੂੰ ਪਹਿਲ ਦੇ ਰਹੀ ਹੈ। ਇਸ ਕਾਰਨ ਵਿਰੋਧੀ ਧਿਰ ਬੇਬੁਨਿਆਦ ਦੋਸ਼ ਲਗਾ ਕੇ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਹੈ ਅਤੇ 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਇਸ ਦੇ ਨਾਲ ਹੀ ਸੜਕਾਂ ਦੀ ਸੁਧਾਰ, ਟੋਲ ਪਲਾਜ਼ਿਆਂ ਦੀ ਬੰਦਸ਼ ਅਤੇ ਸਿਹਤ ਤੇ ਸਿੱਖਿਆ ਖੇਤਰ ਵਿੱਚ ਵੱਡੇ ਬਦਲਾਅ ਕੀਤੇ ਗਏ ਹਨ।
ਉਨ੍ਹਾਂ ਨੇ ਕਿਹਾ ਕਿ ਸਿਹਤ ਖੇਤਰ ਵਿੱਚ ਸ਼ੁਰੂ ਕੀਤੀ ਗਈ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ ਅਤੇ ਲੱਖਾਂ ਲੋਕ ਇਸ ਦਾ ਲਾਭ ਲੈ ਰਹੇ ਹਨ। ਇਸ ਦੇ ਨਾਲ ਹੀ ਕਿਸਾਨਾਂ ਨੂੰ ਦਿਨ ਦੇ ਸਮੇਂ ਬਿਜਲੀ ਦੇ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਘਟਾਈਆਂ ਗਈਆਂ ਹਨ।
ਮਹਿਲਾ ਸਸ਼ਕਤੀਕਰਨ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ ਮਹੀਨਾਵਾਰ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ, ਜੋ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਵੱਲ ਇੱਕ ਵੱਡਾ ਕਦਮ ਹੈ।
ਵਿਰੋਧੀ ਧਿਰ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਸਿਰਫ਼ ਸੱਤਾ ਹਾਸਲ ਕਰਨ ਲਈ ਰਾਜਨੀਤੀ ਕਰਦੀਆਂ ਹਨ ਅਤੇ ਲੋਕਾਂ ਦੀ ਭਲਾਈ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸੂਬੇ ਦੇ ਲੋਕ ਹੁਣ ਸੱਚ ਨੂੰ ਸਮਝ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਦੇ ਕੰਮਾਂ ਨੂੰ ਸਮਰਥਨ ਦੇਣਗੇ।
ਅਖੀਰ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ ਆਖਰੀ ਸਾਹ ਤੱਕ ਡਟੇ ਰਹਿਣਗੇ ਅਤੇ ਪੰਜਾਬ ਨੂੰ ਖੁਸ਼ਹਾਲ ਅਤੇ ਵਿਕਸਿਤ ਬਣਾਉਣ ਲਈ ਹਰ ਸੰਭਵ ਯਤਨ ਜਾਰੀ ਰੱਖਣਗੇ।
EDITED BY- HARLEEN KAUR

