टॉप न्यूज़

ਅੰਮ੍ਰਿਤਧਾਰੀ ਔਰਤ ਨੇ ਸਰਪੰਚ ਧਿਰ ‘ਤੇ ਲਗਾਏ ਬੇਰਹਿਮੀ ਨਾਲ ਕੁੱਟਮਾਰ ਦੇ ਦੋਸ਼

ਜਾਣੋ ਪੂਰਾ ਮਾਮਲਾ

ਗੁਰਦਾਸਪੁਰ ਦੇ ਪਿੰਡ ਗੁੰਨੋਪੁਰ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਇਆ ਝਗੜਾ ਹੁਣ ਗੰਭੀਰ ਮੋੜ ਲੈਂਦਾ ਦਿਖਾਈ ਦੇ ਰਿਹਾ ਹੈ। ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਜੇਰੇ ਇਲਾਜ ਇੱਕ ਅੰਮ੍ਰਿਤਧਾਰੀ ਔਰਤ ਨੇ ਪਿੰਡ ਦੀ ਸਰਪੰਚਣੀ ਦੇ ਪਤੀ ਅਤੇ ਉਸਦੇ ਸਾਥੀਆਂ ‘ਤੇ ਬੇਰਹਿਮੀ ਨਾਲ ਮਾਰਕੁੱਟ ਕਰਨ ਦੇ ਦੋਸ਼ ਲਗਾਏ ਹਨ। ਦੂਜੇ ਪਾਸੇ ਸਰਪੰਚ ਧਿਰ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।
ਪੀੜਤਾ ਦਿਲਜੀਤ ਕੌਰ ਨੇ ਦੱਸਿਆ ਕਿ ਪਿੰਡ ਦੀ ਸਰਪੰਚਣੀ ਦੇ ਪਤੀ ਗੁਰਮੁਖ ਸਿੰਘ ਦੇ ਪਰਿਵਾਰ ਨੇ ਉਸਦੇ ਦੇਵਰ ਪਾਸੋਂ ਕਰੀਬ ਚਾਰ ਕਨਾਲ ਜ਼ਮੀਨ ਖਰੀਦੀ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਜ਼ਮੀਨ ‘ਤੇ ਕਬਜ਼ਾ ਕਰਨ ਤੋਂ ਬਾਅਦ ਹੁਣ ਸਰਪੰਚ ਧਿਰ ਉਨ੍ਹਾਂ ਦੀ ਜ਼ਮੀਨ ਵਿੱਚ ਲੱਗੇ ਟਿਊਬਲ ਮੋਟਰ ਕਨੈਕਸ਼ਨ ‘ਤੇ ਵੀ ਕਬਜ਼ਾ ਕਰਨਾ ਚਾਹੁੰਦੀ ਹੈ।
ਦਿਲਜੀਤ ਕੌਰ ਮੁਤਾਬਕ ਟਿਊਬਲ ਕਨੈਕਸ਼ਨ ਉਸਦੇ ਪਤੀ ਲਖਵਿੰਦਰ ਸਿੰਘ ਦੇ ਨਾਂ ‘ਤੇ ਹੈ ਅਤੇ ਇਸ ਨੂੰ ਲੈ ਕੇ ਕਈ ਵਾਰ ਤਣਾਅ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਮੋਟਰ ਵਾਲੇ ਕਮਰੇ ਦਾ ਕੁੰਡਾ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਪਰਿਵਾਰ ਵੱਲੋਂ ਇਸ ਦਾ ਵਿਰੋਧ ਕੀਤਾ ਜਾਂਦਾ ਰਿਹਾ।
ਪੀੜਤਾ ਨੇ ਦੋਸ਼ ਲਗਾਇਆ ਕਿ ਇਸੇ ਰੰਜਿਸ਼ ਦੇ ਚਲਦਿਆਂ ਬੀਤੀ ਸ਼ਾਮ ਗੁਰਮੁਖ ਸਿੰਘ ਆਪਣੇ 18 ਤੋਂ 20 ਸਾਥੀਆਂ ਸਮੇਤ ਉਨ੍ਹਾਂ ਦੇ ਘਰ ਆਇਆ ਅਤੇ ਉਸਦੇ ਪਤੀ ਨਾਲ ਮਾਰਕੁੱਟ ਸ਼ੁਰੂ ਕਰ ਦਿੱਤੀ। ਜਦੋਂ ਉਹ ਆਪਣੇ ਪਤੀ ਨੂੰ ਛੁਡਾਉਣ ਲਈ ਅੱਗੇ ਆਈ ਤਾਂ ਉਸ ਨਾਲ ਵੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ।
ਉਨ੍ਹਾਂ ਦਾ ਕਹਿਣਾ ਹੈ ਕਿ ਹਮਲੇ ਦੌਰਾਨ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਦਾਖਲ ਕਰਵਾਉਣਾ ਪਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ।
ਦੂਜੇ ਪਾਸੇ ਜਦੋਂ ਇਸ ਮਾਮਲੇ ਸਬੰਧੀ ਸਰਪੰਚਣੀ ਦੇ ਪਤੀ ਗੁਰਮੁਖ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ। ਗੁਰਮੁਖ ਸਿੰਘ ਦਾ ਕਹਿਣਾ ਹੈ ਕਿ ਮਾਰਕੁੱਟ ਸਗੋਂ ਲਖਵਿੰਦਰ ਸਿੰਘ ਅਤੇ ਉਸਦੀ ਪਤਨੀ ਵੱਲੋਂ ਉਸਦੇ ਪਿਤਾ ਨਾਲ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਵੀ ਸੱਟਾਂ ਲੱਗੀਆਂ ਹਨ।
ਇਸ ਮਾਮਲੇ ਵਿੱਚ ਹੁਣ ਦੋਵੇਂ ਧਿਰਾਂ ਇੱਕ-ਦੂਜੇ ‘ਤੇ ਗੰਭੀਰ ਦੋਸ਼ ਲਗਾ ਰਹੀਆਂ ਹਨ, ਜਿਸ ਕਾਰਨ ਪਿੰਡ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ। ਲੋਕ ਵੀ ਇਸ ਘਟਨਾ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਗੱਲਾਂ ਕਰ ਰਹੇ ਹਨ।
ਉੱਥੇ ਹੀ ਪੁਲਿਸ ਅਧਿਕਾਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਦੋਵੇਂ ਧਿਰਾਂ ਵਿਚਕਾਰ ਆਪਸੀ ਝਗੜਾ ਹੋਇਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!