
ਪੰਜਾਬ ਸਿਆਸਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਵੱਖਰੀ ਚਰਚਾ ਛੇੜ ਦਿੱਤੀ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ (AAP ) ਦੀ ਹਲਕਾ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਨੇ ਅਰਸ਼ਦੀਪ ਸਿੰਘ ਨੂੰ ਬਲਾਕ ਪ੍ਰਧਾਨ ਦੇ ਅਹੁਦੇ ਤੋਂ ਬਰਖਾਸਤ ਕਰਨ ਦੇ ਨਾਲ-ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਖ਼ਾਰਜ ਕਰ ਦਿੱਤਾ ਹੈ।
ਜਾਣਕਾਰੀ ਮੁਤਾਬਕ ਨਗਰ ਕੌਂਸਲ ਚੋਣਾਂ 2026 ਦੌਰਾਨ ਅਰਸ਼ਦੀਪ ਸਿੰਘ ਵੱਲੋਂ ਆਪਣੀ ਮਾਤਾ ਛਿੰਦਰਪਾਲ ਕੌਰ ਨੂੰ ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੇ ਅਧਿਕਾਰਤ ਉਮੀਦਵਾਰ ਦੇ ਮੁਕਾਬਲੇ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਸੀ। ਸੂਤਰਾਂ ਮੁਤਾਬਕ ਛਿੰਦਰਪਾਲ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ ਵੀ ਪ੍ਰਾਪਤ ਸੀ, ਜਿਸ ਕਾਰਨ ਪਾਰਟੀ ਅੰਦਰ ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਉੱਠੇ। 29 ਮਈ ਨੂੰ ਐਲਾਨੇ ਗਏ ਨਗਰ ਕੌਂਸਲ ਚੋਣ ਨਤੀਜਿਆਂ ਵਿੱਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਛਿੰਦਰਪਾਲ ਕੌਰ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਉਨ੍ਹਾਂ ਦੀ ਜ਼ਮਾਨਤ ਵੀ ਜ਼ਬਤ ਹੋ ਗਈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਪਾਰਟੀ ਪ੍ਰਤੀ ਅਨੁਸ਼ਾਸਨ ਅਤੇ ਵਫ਼ਾਦਾਰੀ ਸਭ ਤੋਂ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਨੀਤੀ ਅਤੇ ਫ਼ੈਸਲਿਆਂ ਦੇ ਉਲਟ ਕੰਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਭਵਿੱਖ ਵਿੱਚ ਵੀ ਅਜਿਹੇ ਮਾਮਲਿਆਂ ਵਿੱਚ ਪਾਰਟੀ ਵੱਲੋਂ ਸਖ਼ਤ ਰੁਖ ਅਪਣਾਇਆ ਜਾਵੇਗਾ।
EDITED BY- HARLEEN KAUR




