
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲਣਾ ਸ਼ੁਰੂ ਹੋ ਗਿਆ ਹੈ। ਮੋਹਾਲੀ ਵਿੱਚ ਸਵੇਰੇ ਤੇਜ਼ ਹਨ੍ਹੇਰੀ ਤੋਂ ਬਾਅਦ ਹਲਕਾ ਮੀਂਹ ਪਿਆ, ਜਦਕਿ ਲੁਧਿਆਣਾ ਵਿੱਚ ਹਨ੍ਹੇਰੀ ਆਈ। ਖੰਨਾ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ ਕਰੀਬ 150 ਸਾਲ ਪੁਰਾਣਾ ਇੱਕ ਦਰੱਖਤ ਟੁੱਟ ਕੇ ਕਈ ਘਰਾਂ ਉੱਪਰ ਡਿੱਗ ਪਿਆ, ਜਿਸ ਨਾਲ ਮਕਾਨਾਂ ਦੀਆਂ ਛੱਤਾਂ ਅਤੇ ਕੰਧਾਂ ਨੂੰ ਨੁਕਸਾਨ ਪਹੁੰਚਿਆ।
ਮੌਸਮ ਵਿਭਾਗ ਨੇ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਅੱਜ (11 ਜੂਨ) ਤੋਂ ਪੂਰੇ ਪੰਜਾਬ ਵਿੱਚ ਪ੍ਰੀ-ਮਾਨਸੂਨ ਮੀਂਹ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਬੁੱਧਵਾਰ ਨੂੰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਸਿਰਫ਼ 0.1 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ। ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ 4.4 ਡਿਗਰੀ ਵੱਧ ਰਿਹਾ। ਬਠਿੰਡਾ ਵਿੱਚ 46.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜੋ ਦੇਸ਼ ਭਰ ਵਿੱਚ ਸਭ ਤੋਂ ਵੱਧ ਰਿਹਾ।
ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਕਾਰਨ ਅਗਲੇ ਤਿੰਨ ਦਿਨਾਂ ਦੌਰਾਨ ਕਈ ਇਲਾਕਿਆਂ ਵਿੱਚ ਤੇਜ਼ ਹਨ੍ਹੇਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਜਲੰਧਰ ਅਤੇ ਫਤਿਹਗੜ੍ਹ ਸਾਹਿਬ ਸਮੇਤ 10 ਜ਼ਿਲ੍ਹਿਆਂ ਵਿੱਚ ਗੜੇ ਪੈਣ ਦੀ ਸੰਭਾਵਨਾ ਵੀ ਜਤਾਈ ਹੈ।
EDITED BY- HARLEEN KAUR




