ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ ਲਾਭਪਾਤਰੀਆਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਵਿੱਚ ਕਥਿਤ ਗੜਬੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪਟਿਆਲਾ ਨਗਰ ਨਿਗਮ ਵਿੱਚ ਹੜਕੰਪ ਮਚ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਨਗਰ ਨਿਗਮ ਵਿੱਚ ਸਕਿਲਡ ਵਰਕਰ ਵਜੋਂ ਤਾਇਨਾਤ ਅਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਡੀਐਸਪੀ ਸਿਟੀ-1 ਸੰਜੀਵ ਸਿੰਗਲਾ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਅਮਨਦੀਪ ਸਿੰਘ ਨੇ ਇੱਕ ਲਾਭਪਾਤਰੀ ਦੇ ਬੈਂਕ ਖਾਤੇ ਵਿੱਚੋਂ ਕਰੀਬ ਡੇਢ ਲੱਖ ਰੁਪਏ ਆਪਣੇ ਨਿੱਜੀ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਲਏ ਸਨ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਅਤੇ ਸਬੂਤਾਂ ਦੇ ਆਧਾਰ ‘ਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਡੀਐਸਪੀ ਸੰਜੀਵ ਸਿੰਗਲਾ ਨੇ ਕਿਹਾ ਕਿ ਫਿਲਹਾਲ ਦੋਸ਼ੀ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਇਸ ਪੂਰੇ ਮਾਮਲੇ ਦੇ ਹਰ ਪੱਖ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਇਸ ਕਥਿਤ ਗੜਬੜੀ ਵਿੱਚ ਹੋਰ ਕੋਈ ਵਿਅਕਤੀ ਵੀ ਸ਼ਾਮਲ ਸੀ ਜਾਂ ਨਹੀਂ।
EDITED BY- HARLEEN KAUR




