ਪੰਜਾਬ ਸਰਕਾਰ ਦਾ ਵੱਡਾ ਐਲਾਨ
ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ

ਪੰਜਾਬ ਮਾਨ ਸਰਕਾਰ ਵੱਲੋਂ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਹਰ ਕਿਸੇ ਦੇ ਚਿਹਰੇ ਤੇ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸੂਬਾ ਵਿਆਪੀ ਹੜਤਾਲ ਦੇ ਮੱਦੇਨਜ਼ਰ ਮਾਨ ਸਰਕਾਰ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਦੱਸਿਆ ਕਿ ਸਰਕਾਰ ਨੇ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ, ਜਿਸ ਤਹਿਤ ਹੁਣ ਠੇਕੇ ਉੱਤੇ ਕੰਮ ਕਰ ਰਹੇ ਸਫ਼ਾਈ ਕਾਮਿਆਂ ਅਤੇ ਸੀਵਰਮੈਨਾਂ ਦੀ ਤਨਖ਼ਾਹ ਨੂੰ ਲਗਭਗ ਦੁੱਗਣਾ ਕਰ ਦਿੱਤਾ ਗਿਆ ਹੈ ਅਤੇ 5 ਸਾਲ ਦੀ ਸੇਵਾ ਪੂਰੀ ਕਰਨ ਵਾਲਿਆਂ ਨੂੰ ਪੱਕਾ ਕੀਤਾ ਜਾਵੇਗਾ।
ਦਰਅਸਲ, ਸਰਕਾਰ ਦੇ ਐਲਾਨ ਅਨੁਸਾਰ, 1 ਅਗਸਤ 2026 ਤੋਂ ਇਕਰਾਰਨਾਮੇ ਵਾਲੇ ਸਫ਼ਾਈ ਅਮਲੇ ਦੀ ਮਹੀਨਾਵਾਰ ਤਨਖ਼ਾਹ ਵਧਾ ਕੇ 20,520 ਰੁਪਏ ਕਰ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਇਨ੍ਹਾਂ ਕਰਮਚਾਰੀਆਂ ਨੂੰ ਸਿਰਫ਼ 10,500 ਰੁਪਏ ਮਹੀਨਾ ਮਿਲਦੇ ਸਨ, ਜਿਸ ਨਾਲ ਹੁਣ ਉਨ੍ਹਾਂ ਦੀ ਆਰਥਿਕ ਹਾਲਤ ਵਿੱਚ ਵੱਡਾ ਸੁਧਾਰ ਹੋਵੇਗਾ।
ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਨਿਯਮ
3 ਸਾਲ ਦੀ ਸੇਵਾ: 3 ਸਾਲ ਦੀ ਲਗਾਤਾਰ ਸੇਵਾ ਪੂਰੀ ਕਰਨ ਵਾਲੇ ਠੇਕੇ ਦੇ ਕਰਮਚਾਰੀਆਂ ਨੂੰ ਸਿੱਧੇ ਇਕਰਾਰਨਾਮੇ ਹੇਠ ਲਿਆਉਂਦਾ ਜਾਵੇਗਾ।
5 ਸਾਲ ਦੀ ਸੇਵਾ: ਪੰਜ ਸਾਲ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ ਅਤੇ 2021 ਵਿੱਚ ਭਰਤੀ ਕੀਤੇ ਗਏ ਇਕਰਾਰਨਾਮੇ ਵਾਲੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਫ਼ੈਸਲੇ ਯੂਨੀਅਨ ਆਗੂਆਂ ਨਾਲ ਲੰਬੀਆਂ ਮੀਟਿੰਗਾਂ ਅਤੇ ਵਿਚਾਰ-ਵਟਾਂਦਰੇ ਤੋਂ ਬਾਅਦ ਲਏ ਗਏ ਹਨ। ਮੌਨਸੂਨ ਦੇ ਮੌਸਮ ਦੌਰਾਨ ਬਿਮਾਰੀਆਂ ਤੋਂ ਬਚਾਅ ਅਤੇ ਆਮ ਲੋਕਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਉਨ੍ਹਾਂ ਸਮੂਹ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਹੜਤਾਲ ਖ਼ਤਮ ਕਰਕੇ ਤੁਰੰਤ ਆਪਣੀ ਡਿਊਟੀ ‘ਤੇ ਪਰਤਣ ਦੀ ਅਪੀਲ ਕੀਤੀ ਹੈ।
ਦੱਸਣਯੋਗ ਹੈ ਕਿ ਹੜਤਾਲ ਕਾਰਨ ਸੂਬੇ ਦੇ ਕਈ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਫ਼ਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਏ ਸਨ। ਹੁਣ ਸਰਕਾਰ ਦੇ ਇਸ ਇਤਿਹਾਸਕ ਫ਼ੈਸਲੇ ਅਤੇ ਹੜਤਾਲ ਖ਼ਤਮ ਹੋਣ ਨਾਲ ਸ਼ਹਿਰਾਂ ਵਿੱਚ ਸਫ਼ਾਈ ਵਿਵਸਥਾ ਮੁੜ ਆਮ ਵਾਂਗ ਹੋਣ ਦੀ ਉਮੀਦ ਹੈ, ਜਿਸ ਨਾਲ ਆਮ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ।
EDITED BY- HARLEEN KAUR



