
ਸਰਹੱਦ ‘ਤੇ ਹੈਰੋਇਨ-ਅਸਲੇ ਦੀ ਖੇਪ ਨਾਲ ਲੱਦੇ ਪਾਕਿਸਤਾਨੀ ਡਰੋਨਾਂ ਦੀ ਭਰਮਾਰ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਅਤੇ ਬੀਐਸਐਫ ਨੇ ਸਰਹੱਦੀ ਪਿੰਡਾਂ ਵਿੱਚ ਕਾਰਡਨ ਐਂਡ ਸਰਚ ਆਪ੍ਰੇਸ਼ਨ ਤੇਜ਼ ਕਰ ਦਿੱਤਾ ਹੈ। ਫਿਰੋਜ਼ਪੁਰ ਰੇਂਜ ਦੇ ਡੀਆਈਜੀ ਸਨੇਹਦੀਪ ਸ਼ਰਮਾ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਪਾਕਿਸਤਾਨੀ ਡਰੋਨ ਦਿਖਾਈ ਦਿੰਦਾ ਹੈ ਜਾਂ ਉਹ ਡਰੋਨ ਫੜਵਾਉਣ ਵਿੱਚ ਪੁਲਿਸ ਦੀ ਮਦਦ ਕਰਦਾ ਹੈ, ਤਾਂ ਉਸਨੂੰ ਪ੍ਰਤੀ ਡਰੋਨ 25 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ।
ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਪੁਲਿਸ ਅਧਿਕਾਰੀਆਂ ਮੁਤਾਬਕ ਸਰਹੱਦੀ ਇਲਾਕਿਆਂ ਵਿੱਚ ਸਰਗਰਮ ਨਵੇਂ ਅਤੇ ਪੁਰਾਣੇ ਤਸਕਰਾਂ ਦੇ ਨਾਲ-ਨਾਲ ਅਜਿਹੇ ਲੋਕਾਂ ਦੀ ਵੀ ਸੂਚੀ ਤਿਆਰ ਕੀਤੀ ਗਈ ਹੈ, ਜਿਨ੍ਹਾਂ ਦਾ ਪਹਿਲਾਂ ਪਾਕਿਸਤਾਨ ਆਉਣਾ-ਜਾਣਾ ਰਿਹਾ ਹੈ। ਇਸੇ ਸੂਚੀ ਦੇ ਆਧਾਰ ‘ਤੇ ਸੰਵੇਦਨਸ਼ੀਲ ਪਿੰਡਾਂ ਵਿੱਚ ਪੁਲਿਸ ਅਤੇ ਬੀਐਸਐਫ ਦੀਆਂ ਟੀਮਾਂ ਘਰ-ਘਰ ਜਾ ਕੇ ਤਲਾਸ਼ੀ ਲੈ ਰਹੀਆਂ ਹਨ ਅਤੇ ਸ਼ੱਕੀ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ।
ਪੰਜਾਬ ਨਾਲ ਲੱਗਦੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਿਛਲੇ ਕੁਝ ਸਮੇਂ ਤੋਂ ਡਰੋਨ ਰਾਹੀਂ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਭੇਜਣ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਫ਼ਿਰੋਜ਼ਪੁਰ ਪੁਲਿਸ ਨੇ ਇਕੱਲਿਆਂ ਪਿਛਲੇ ਕੁਝ ਮਹੀਨਿਆਂ ਵਿੱਚ ਲਗਭਗ 435 ਕਿਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਤੋਂ ਇਲਾਵਾ, ਏ.ਐਨ.ਟੀ.ਐਫ., ਕਾਊਂਟਰ ਇੰਟੈਲੀਜੈਂਸ ਅਤੇ ਬੀ.ਐਸ.ਐਫ. ਦੁਆਰਾ ਵੀ ਵੱਖ-ਵੱਖ ਕਾਰਵਾਈਆਂ ਵਿੱਚ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ।
ਪਾਕਿਸਤਾਨੀ ਤਸਕਰ ਹੁਣ ਦਿਨ ਵੇਲੇ ਵੀ ਡਰੋਨ ਰਾਹੀਂ ਨਸ਼ੀਲੇ ਪਦਾਰਥ ਅਤੇ ਹਥਿਆਰ ਭੇਜਣ ਦੀ ਕੋਸ਼ਿਸ਼ ਕਰ ਰਹੇ ਹਨ। ਇਨ੍ਹਾਂ ਖੇਪਾਂ ਨੂੰ ਟਿਕਾਣੇ ਤੱਕ ਪਹੁੰਚਾਉਣ ਲਈ ਛੋਟੇ ਬੱਚਿਆਂ ਅਤੇ ਨੌਜਵਾਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਹੁਸੈਨੀਵਾਲਾ ਬਾਰਡਰ ਅਤੇ ਮਮਦੋਟ ਖੇਤਰ ਵਿੱਚ ਸੰਘਣੇ ਜੰਗਲ ਅਤੇ ਸਤਲੁਜ ਨਦੀ ਦਾ ਫਾਇਦਾ ਤਸਕਰ ਉਠਾ ਰਹੇ ਹਨ। ਕਿਉਂਕਿ ਦਰਿਆ ਕਦੇ ਪਾਕਿਸਤਾਨ ਅਤੇ ਕਦੇ ਭਾਰਤ ਵਿੱਚ ਪ੍ਰਵੇਸ਼ ਕਰਦਾ ਹੈ।
ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਫ਼ਿਰੋਜ਼ਪੁਰ ਪੁਲਿਸ ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਲਗਭਗ 435 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਹੁਣ ਉਨ੍ਹਾਂ ਪਿੰਡਾਂ ਵਿੱਚ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ, ਜਿੱਥੇ ਪਾਕਿਸਤਾਨੀ ਡਰੋਨਾਂ ਦੀਆਂ ਗਤੀਵਿਧੀਆਂ ਵੱਧ ਸਾਹਮਣੇ ਆ ਰਹੀਆਂ ਹਨ। ਤਿਆਰ ਕੀਤੀ ਗਈ ਸੂਚੀ ਦੇ ਆਧਾਰ ‘ਤੇ ਨਵੇਂ ਅਤੇ ਪੁਰਾਣੇ ਤਸਕਰਾਂ ‘ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ।
EDITED BY- HARLEEN KAUR




