
ਪਠਾਨਕੋਟ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭੋਆ ਵਿੱਚ ਸਿਆਸੀ ਸਰਗਰਮੀਆਂ ਉਸ ਸਮੇਂ ਤੇਜ਼ ਹੋ ਗਈਆਂ, ਜਦੋਂ ਪਿੰਡ ਕਾਨਵਾਂ ਦੀ ਸਮੁੱਚੀ ਗ੍ਰਾਮ ਪੰਚਾਇਤ ਨੇ ਭਾਜਪਾ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਪੰਚਾਇਤ ਮੈਂਬਰਾਂ ਨੇ ਇਹ ਫ਼ੈਸਲਾ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲਿਆ।
ਪਿੰਡ ਕਾਨਵਾਂ ਦੇ ਪੰਚਾਇਤ ਮੈਂਬਰਾਂ ਨੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ‘ਆਪ’ ਦਾ ਪੱਲਾ ਫੜਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਮੂਹ ਪੰਚਾਇਤ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।
ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਦੇ ਨਾਲ-ਨਾਲ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਕਾਨਵਾਂ ਦੇ ਨਵੇਂ ਸ਼ਾਮਲ ਹੋਏ ਪੰਚਾਇਤ ਮੈਂਬਰਾਂ ਦਾ ਪਾਰਟੀ ਵਿੱਚ ਦਿਲੋਂ ਸਵਾਗਤ ਹੈ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੱਤੀ ਜਾਵੇਗੀ।
ਸਮਾਗਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਸਿਰਫ਼ ਸਰਕਾਰੀ ਯੋਜਨਾਵਾਂ ਨਾਲ ਨਹੀਂ, ਸਗੋਂ ਲੋਕਾਂ ਦੇ ਸਹਿਯੋਗ ਅਤੇ ਸਾਂਝੀ ਭਾਗੀਦਾਰੀ ਨਾਲ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾ ਸਕਦਾ ਹੈ।
ਬੁਲਾਰਿਆਂ ਨੇ ਲੋਕਾਂ ਨੂੰ ਆਪਸੀ ਸਹਿਯੋਗ ਨਾਲ ਪਿੰਡਾਂ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਰੰਗਲਾ ਪੰਜਾਬ’ ਬਣਾਉਣ ਦੀ ਸੋਚ ਨੂੰ ਸਾਕਾਰ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।




