
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਮੂਹ ਜ਼ਿਲ੍ਹਾ ਪਰਿਸ਼ਦ ਚੇਅਰਮੈਨਾਂ ਅਤੇ ਵਾਈਸ ਚੇਅਰਮੈਨਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਜ਼ਿਲ੍ਹਾ ਪਠਾਨਕੋਟ ਤੋਂ ਜ਼ਿਲ੍ਹਾ ਪਰਿਸ਼ਦ ਚੇਅਰਮੈਨ ਗੁਰਪ੍ਰੀਤ ਕੌਰ ਅਤੇ ਵਾਈਸ ਚੇਅਰਮੈਨ ਸਾਹਬ ਸਿੰਘ ਸਾਬਾ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪੇਂਡੂ ਵਿਕਾਸ, ਲੋਕਾਂ ਨਾਲ ਸਿੱਧਾ ਸੰਪਰਕ ਅਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਲਿਜਾਣ ਸਬੰਧੀ ਕਈ ਅਹਿਮ ਗੱਲਾਂ ’ਤੇ ਚਰਚਾ ਹੋਈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਚੁਣੇ ਗਏ ਚੇਅਰਮੈਨਾਂ ਅਤੇ ਵਾਈਸ ਚੇਅਰਮੈਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅਜਿਹੇ ਆਮ ਪਰਿਵਾਰਾਂ ਨਾਲ ਸਬੰਧਤ ਨੌਜਵਾਨਾਂ ਅਤੇ ਔਰਤਾਂ ਨੂੰ ਅੱਗੇ ਆਉਣ ਦਾ ਮੌਕਾ ਦਿੰਦੀ ਹੈ, ਜੋ ਜ਼ਮੀਨੀ ਪੱਧਰ ਤੋਂ ਆਪਣੀ ਸਿਆਸੀ ਅਤੇ ਸਮਾਜਿਕ ਭੂਮਿਕਾ ਨਿਭਾਉਂਦੇ ਹੋਏ ਜ਼ਿਲ੍ਹਾ ਪਰਿਸ਼ਦ ਤੋਂ ਲੈ ਕੇ ਵਿਧਾਨ ਸਭਾ ਤੱਕ ਪਹੁੰਚ ਸਕਦੇ ਹਨ।
ਉਨ੍ਹਾਂ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਲੋਕਾਂ ਨਾਲ ਆਪਣਾ ਸਿੱਧਾ ਸੰਪਰਕ ਮਜ਼ਬੂਤ ਰੱਖਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਤੁਰੰਤ ਕਦਮ ਚੁੱਕਣਾ ਹੀ ਚੁਣੇ ਹੋਏ ਨੁਮਾਇੰਦਿਆਂ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਹਾਲ ਹੀ ਵਿੱਚ ਹੋਈਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਇਸ ਵਾਰ ਪਹਿਲੀ ਵਾਰ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਗਈ ਅਤੇ ਪੂਰੀ ਪ੍ਰਕਿਰਿਆ ਨੂੰ ਸਿੱਧਾ ਪ੍ਰਸਾਰਿਤ ਕੀਤਾ ਗਿਆ। ਉਨ੍ਹਾਂ ਦੇ ਮੁਤਾਬਕ ਆਮ ਆਦਮੀ ਪਾਰਟੀ ਨੇ ਇਨ੍ਹਾਂ ਚੋਣਾਂ ਵਿੱਚ 70 ਫ਼ੀਸਦੀ ਤੋਂ ਵੱਧ ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ।
ਭਗਵੰਤ ਮਾਨ ਨੇ ਦਾਅਵਾ ਕੀਤਾ ਕਿ 1,800 ਤੋਂ ਵੱਧ ਬਲਾਕ ਸਮਿਤੀ ਸੀਟਾਂ ਅਤੇ 250 ਤੋਂ ਵੱਧ ਜ਼ਿਲ੍ਹਾ ਪਰਿਸ਼ਦ ਸੀਟਾਂ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ। ਉਨ੍ਹਾਂ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਕਿਹਾ ਕਿ ਚੋਣ ਜਿੱਤਣ ਤੋਂ ਬਾਅਦ ਹੁਣ ਸਭ ਤੋਂ ਵੱਡੀ ਜ਼ਿੰਮੇਵਾਰੀ ਲੋਕਾਂ ਦੇ ਭਰੋਸੇ ’ਤੇ ਖਰਾ ਉਤਰਨਾ ਹੈ।
ਮੁੱਖ ਮੰਤਰੀ ਨੇ ਸਾਰੇ ਚੇਅਰਮੈਨਾਂ ਅਤੇ ਵਾਈਸ ਚੇਅਰਮੈਨਾਂ ਨੂੰ ਆਪਣੇ-ਆਪਣੇ ਇਲਾਕਿਆਂ ਵਿੱਚ ਇਮਾਨਦਾਰੀ ਨਾਲ ਵਿਕਾਸ ਕਾਰਜ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਣਾ ਚਾਹੀਦਾ ਹੈ ਅਤੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।
ਪਠਾਨਕੋਟ ਤੋਂ ਚੇਅਰਮੈਨ ਗੁਰਪ੍ਰੀਤ ਕੌਰ ਅਤੇ ਵਾਈਸ ਚੇਅਰਮੈਨ ਸਾਹਬ ਸਿੰਘ ਸਾਬਾ ਦੀ ਇਸ ਮੀਟਿੰਗ ਵਿੱਚ ਸ਼ਮੂਲੀਅਤ ਨੂੰ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਨਾਲ ਸਬੰਧਤ ਮੁੱਦਿਆਂ ਅਤੇ ਆਉਣ ਵਾਲੇ ਵਿਕਾਸ ਕਾਰਜਾਂ ਦੇ ਸੰਦਰਭ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ।



