टॉप न्यूज़
ਮਹਿਲਾ ਪਟਵਾਰੀ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਬੱਦੀ ਵਿੱਚ ਵਿਜੀਲੈਂਸ ਨੇ ਇੱਕ ਮਹਿਲਾ ਪਟਵਾਰੀ ਲਲਿਤਾ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ। ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਮਹਿਲਾ ਪਟਵਾਰੀ ਲੈਂਡ ਵੈਲਿਊ ਸਰਟੀਫਿਕੇਟ ਬਣਾਉਣ ਬਦਲੇ ਰਿਸ਼ਵਤ ਮੰਗ ਰਹੀ ਹੈ। ਇਸ ‘ਤੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਸ਼ਿਕਾਇਤ ਦੇ ਦਿੱਤੀ। ਬਾਅਦ ਵਿੱਚ ਵਿਜੀਲੈਂਸ ਬਿਊਰੋ ਨੇ ਯੋਜਨਾਬੱਧ ਤਰੀਕੇ ਨਾਲ ਮਹਿਲਾ ਪਟਵਾਰੀ ਨੂੰ ਫੜਨ ਲਈ ਜਾਲ ਵਿਛਾਇਆ, ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਟੀਮ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਸ਼ਿਕਾਇਤ ਸਹੀ ਪਾਏ ਜਾਣ ‘ਤੇ ਜਾਲ ਵਿਛਾਇਆ।
ਵਿਜੀਲੈਂਸ ਥਾਣਾ ਬੱਦੀ ਦੀ ਟੀਮ ਨੇ ਕਾਰਵਾਈ ਕਰਦਿਆਂ ਮਹਿਲਾ ਪਟਵਾਰੀ ਨੂੰ ਰਿਸ਼ਵਤ ਦੀ ਰਕਮ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਟੀਮ ਨੇ ਕਥਿਤ ਰਿਸ਼ਵਤ ਦੀ ਰਕਮ ਵੀ ਕਬਜ਼ੇ ਵਿੱਚ ਲੈ ਲਈ ਹੈ। ਵਿਜੀਲੈਂਸ ਅਧਿਕਾਰੀਆਂ ਅਨੁਸਾਰ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਵਿੱਚ ਰਿਸ਼ਵਤ ਮੰਗਣ ਦੇ ਕਾਰਨਾਂ ਅਤੇ ਮਾਮਲੇ ਨਾਲ ਜੁੜੇ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਵਿਜੀਲੈਂਸ ਦੇ ਆਈਜੀ ਬਿਮਲ ਗੁਪਤਾ ਨੇ ਦੱਸਿਆ ਕਿ ਮੁਲਜ਼ਮ ਔਰਤ ਕੋਲੋਂ ਇੱਕ ਲੱਖ ਰੁਪਏ ਬਰਾਮਦ ਕੀਤੇ ਗਏ ਹਨ। ਵਿਜੀਲੈਂਸ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।



