टॉप न्यूज़

CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ

ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਵਿੱਚ ਸ਼ੁੱਕਰਵਾਰ (18 ਸਤੰਬਰ) ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ 2 ਦਿਨਾਂ ਕਿਸਾਨ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਸਾਨ ਯੂਨੀਅਨਾਂ ਨੂੰ ਧਰਨੇ ਲਗਾਉਣ ਦੀ ਬਜਾਏ ਸਿੱਧੇ ਤੌਰ ’ਤੇ ਮੀਟਿੰਗ ਕਰਨ ਦੀ ਅਪੀਲ ਕੀਤੀ। ਮਾਨ ਨੇ ਕਿਹਾ, “ਮੈਂ ਤੁਹਾਡਾ ਮਿੱਤਰ ਕੀੜਾ ਹਾਂ, ਤੁਸੀਂ ਮੇਰੇ ’ਤੇ ਵੀ ਸਪਰੇਅ ਕਰ ਦਿੰਦੇ ਹੋ।”

ਉਨ੍ਹਾਂ ਕਿਹਾ, “ਮੇਲੇ ਵਿੱਚ ਕਿਸਾਨ ਆਗੂ ਵੀ ਆਏ ਹੋਣਗੇ। ਮੇਰੀ ਬੇਨਤੀ ਹੈ ਕਿ ਤੁਹਾਨੂੰ ਜਦੋਂ ਵੀ ਕੋਈ ਮਸਲਾ ਹੋਵੇ, ਪਹਿਲਾਂ ਮੇਰੇ ਕੋਲ ਸਿੱਧਾ ਆ ਜਾਇਆ ਕਰੋ। ਤੁਸੀਂ ਪਹਿਲਾਂ ਸੜਕਾਂ ‘ਤੇ ਧਰਨਾ ਲਗਾਉਂਦੇ ਹੋ ਅਤੇ ਬਾਅਦ ਵਿੱਚ ਕਹਿੰਦੇ ਹੋ ਕਿ ਮੀਟਿੰਗ ਕਰਨੀ ਹੈ।” ਮੁੱਖ ਮੰਤਰੀ ਨੇ ਹਲਕੇ-ਫੁਲਕੇ ਅੰਦਾਜ਼ ਵਿੱਚ ਕਿਹਾ ਕਿ ਉਹ ਤਾਂ ਕਿਸਾਨਾਂ ਦੇ ਹੱਕ ਵਿੱਚ ਖੜ੍ਹਨ ਵਾਲੇ ‘ਮਿੱਤਰ ਕੀੜੇ’ ਵਰਗੇ ਹਨ, ਇਸ ਲਈ ਉਨ੍ਹਾਂ ‘ਤੇ ਹੀ ਸਪਰੇਅ ਨਾ ਕੀਤੀ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਆਪਣਾ ਖੇਤੀ ਖਰਚ (Farming Cost) ਘਟਾਉਣ ਦੀ ਲੋੜ ਹੈ। ਫਸਲਾਂ ਅਤੇ ਮਿੱਟੀ ਦੀ ਜਾਂਚ ਕਰਵਾਉਣ ਤੋਂ ਬਾਅਦ ਹੀ ਕੀਟਨਾਸ਼ਕਾਂ ਦਾ ਛਿੜਕਾਅ ਕੀਤਾ ਜਾਣਾ ਚਾਹੀਦਾ ਹੈ।

ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮੁੱਦੇ ’ਤੇ ਬਦਨਾਮ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਕਿਸਾਨਾਂ ’ਤੇ ਪਰਚੇ ਦਰਜ ਕਰਨ ਦੀ ਗੱਲ ਕਰ ਰਹੀ ਹੈ, ਪਰ ਪੰਜਾਬ ਸਰਕਾਰ ਕਿਸਾਨਾਂ ਖ਼ਿਲਾਫ਼ ਪਰਚੇ ਦਰਜ ਨਹੀਂ ਕਰੇਗੀ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਇਨਸੈਂਟਿਵ ਦੇਵੇ ਤਾਂ ਉਹ ਪਰਾਲੀ ਦਾ ਪ੍ਰਬੰਧ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਵੀ ਇਨਸੈਂਟਿਵ ਦੇਣ ਦੀ ਗੱਲ ਕਹੀ ਗਈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਆਖ਼ਰੀ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਅਹਿਦ ਲਿਆ ਸੀ, ਜੋ ਕਿ ਬਹੁਤ ਜਲਦ ਮੁਕੰਮਲ ਹੋਣ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਿਨ੍ਹਾਂ ਖੇਤਾਂ ਦੀ ਸਿੰਜਾਈ ਨਹਿਰੀ ਪਾਣੀ ਨਾਲ ਹੋ ਰਹੀ ਹੈ, ਉੱਥੇ ਫ਼ਸਲਾਂ ਦੇ ਝਾੜ ਵਿੱਚ ਭਾਰੀ ਵਾਧਾ ਦੇਖਣ ਨੂੰ ਮਿਲੇਗਾ। ਮੁੱਖ ਮੰਤਰੀ ਨੇ ਖ਼ੁਲਾਸਾ ਕੀਤਾ ਕਿ ਨਹਿਰੀ ਨੈੱਟਵਰਕ ਮਜ਼ਬੂਤ ਹੋਣ ਕਾਰਨ ਪੰਜਾਬ ਦੇ ਕਈ ਖੇਤਰਾਂ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ 1 ਫੁੱਟ ਤੋਂ ਲੈ ਕੇ 5 ਫੁੱਟ ਤੱਕ ਦਾ ਸੁਧਾਰ ਦਰਜ ਕੀਤਾ ਗਿਆ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!