
ਲੁਧਿਆਣਾ ਦੇ ਡੇਹਲੋਂ ਇਲਾਕੇ ਵਿੱਚ ਤਿੰਨ ਨੌਜਵਾਨਾਂ ਨੂੰ ਕਥਿਤ ਤੌਰ ’ਤੇ ਚਿੱਟੇ ਸਮੇਤ ਫੜੇ ਜਾਣ ਤੋਂ ਬਾਅਦ ਮਾਮਲਾ ਚਰਚਾ ਵਿੱਚ ਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ ਦੋ ਨੌਜਵਾਨਾਂ ਨੇ ਪੁਲਿਸ ਵਰਗੀ ਟੀ-ਸ਼ਰਟ ਪਾਈ ਹੋਈ ਸੀ। ਮਾਮਲੇ ਨਾਲ ਜੁੜੀ ਜਾਣਕਾਰੀ ਮੁਤਾਬਕ ਨਿਹੰਗ ਸਿੰਘਾਂ ਵੱਲੋਂ ਤਿੰਨਾਂ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਇਸ ਤੋਂ ਬਾਅਦ ਗੁੱਸੇ ਵਿੱਚ ਉਨ੍ਹਾਂ ਨੂੰ ਇੱਕ ਖੰਭੇ ਨਾਲ ਬੰਨ੍ਹ ਕੇ ਚੱਪਲਾਂ ਨਾਲ ਕੁੱਟਿਆ ਗਿਆ। ਹਾਲਾਂਕਿ, ਪੁਲਿਸ ਵੱਲੋਂ ਤਿੰਨਾਂ ਨੌਜਵਾਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਕਾਨੂੰਨੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਥਾਣਾ ਡੇਹਲੋਂ ਦੇ ਐੱਸਐੱਚਓ ਵਿਜੇ ਕੁਮਾਰ ਮੁਤਾਬਕ ਤਿੰਨਾਂ ਦੀ ਪਛਾਣ ਅਜੇ ਸ਼ਰਮਾ, ਆਕਾਸ਼ ਅਤੇ ਗੁਰਕੀਰਤ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਐੱਫਆਈਆਰ ਦਰਜ ਕਰ ਲਈ ਹੈ ਅਤੇ ਮਾਮਲੇ ਵਿੱਚ ਐੱਨਡੀਪੀਐੱਸ ਐਕਟ ਸਮੇਤ ਵੱਖ-ਵੱਖ ਧਾਰਾਵਾਂ ਲਗਾਈਆਂ ਗਈਆਂ ਹਨ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਕਾਰਵਾਈ ਦੌਰਾਨ ਇਨ੍ਹਾਂ ਕੋਲੋਂ 10 ਹਜ਼ਾਰ ਰੁਪਏ ਦੀ ਨਕਦੀ ਵੀ ਬਰਾਮਦ ਹੋਈ ਹੈ। ਪੁਲਿਸ ਹੁਣ ਇਸ ਮਾਮਲੇ ਨਾਲ ਜੁੜੇ ਹੋਰ ਤੱਥਾਂ ਦੀ ਜਾਂਚ ਕਰ ਰਹੀ ਹੈ।
ਦੂਜੇ ਪਾਸੇ, ਦੋ ਨੌਜਵਾਨਾਂ ਵੱਲੋਂ ਪਾਈ ਗਈ ਕਥਿਤ ਪੁਲਿਸ ਵਰਗੀ ਵਰਦੀ ਨੂੰ ਲੈ ਕੇ ਵੀ ਜਾਂਚ ਕੀਤੀ ਜਾ ਰਹੀ ਹੈ। ਐੱਸਐੱਚਓ ਮੁਤਾਬਕ ਇਹ ਕੱਪੜੇ ਬਾਜ਼ਾਰ ਤੋਂ ਖਰੀਦੇ ਹੋਏ ਹੋਣ ਦੀ ਗੱਲ ਸਾਹਮਣੇ ਆਈ ਹੈ ਅਤੇ ਫੜੇ ਗਏ ਨੌਜਵਾਨ ਪੁਲਿਸ ਮੁਲਾਜ਼ਮ ਨਹੀਂ ਹਨ।
ਇਸ ਘਟਨਾ ਤੋਂ ਬਾਅਦ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਨਾਰਾਜ਼ਗੀ ਵੀ ਜਤਾਈ ਗਈ। ਦੱਸਿਆ ਜਾ ਰਿਹਾ ਹੈ ਕਿ ਇਸੇ ਰੋਸ ਦੇ ਚਲਦਿਆਂ ਡੇਹਲੋਂ ਚੌਕ ਵਿੱਚ ਜਾਮ ਵੀ ਲਗਾਇਆ ਗਿਆ ਸੀ।
ਫਿਲਹਾਲ ਪੁਲਿਸ ਵੱਲੋਂ ਦਰਜ ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਵਰਦੀ ਨਾਲ ਜੁੜੇ ਮਾਮਲੇ ਸਮੇਤ ਸਾਰੇ ਪਹਿਲੂਆਂ ਦੀ ਜਾਂਚ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
EDITED BY- HARLEEN KAUR




