
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦੇ ਅੰਤਿਮ ਸਸਕਾਰ ਅਤੇ ਹੋਰ ਧਾਰਮਿਕ ਰਸਮਾਂ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਇਸ ਲਈ ਉਨ੍ਹਾਂ ਦੇ ਵਕੀਲ ਅੱਜ ਸੋਮਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਨਗੇ। ਇਸ ਪਟੀਸ਼ਨ ਰਾਹੀਂ 20 ਤੋਂ 22 ਨਵੰਬਰ ਤੱਕ ਤਿੰਨ ਦਿਨ ਦੀ ਪੈਰੋਲ (Parole) ਦੀ ਮੰਗ ਕੀਤੀ ਜਾਵੇਗੀ।
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੀ 84 ਸਾਲਾ ਦਾਦੀ ਚਰਨ ਕੌਰ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਉਹ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜੱਲੂਪੁਰ ਖੇੜਾ ਦੀ ਰਹਿਣ ਵਾਲੀ ਸੀ। ਦਾਦੀ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਨੇ ਅੰਮ੍ਰਿਤਪਾਲ ਸਿੰਘ ਨੂੰ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਅਦਾਲਤ ਨੇ 14 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਮਨਜ਼ੂਰ ਕੀਤੀ ਸੀ, ਪਰ ਉਹ ਪੰਜਾਬ ਨਹੀਂ ਪਹੁੰਚ ਸਕੇ।



