5 ਫਰਵਰੀ ਨੂੰ ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਵੋਟਿੰਗ ਦੇ ਐਲਾਨ ਤੋਂ ਬਾਅਦ ਰਾਜਨੀਤਿਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਇਹ ਚੋਣ ਆਮ ਆਦਮੀ ਪਾਰਟੀ ਪੰਜਾਬ ਲਈ ਵੀ ਮਹੱਤਵਪੂਰਨ ਹੈ, ਕਿਉਂਕਿ ਪਾਰਟੀ ਨੇ ਦਿੱਲੀ ਵਿੱਚ ਸੱਤਾ ਹਾਸਲ ਕਰਨ ਤੋਂ ਬਾਅਦ ਹੀ ਪੰਜਾਬ ਵਿੱਚ ਆਪਣਾ ਅਧਾਰ ਵਧਾਉਣਾ ਸ਼ੁਰੂ ਕਰ ਦਿੱਤਾ ਸੀ।
ਇਸੇ ਕਾਰਨ, ‘ਆਪ’ ਪੰਜਾਬ ਦਾ ਸਾਰਾ ਧਿਆਨ ਹੁਣ ਦਿੱਲੀ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ‘ਤੇ ਹੈ। ਇਸ ਲਈ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਦੇ 352 ਆਗੂ ਦਿੱਲੀ ਵਿੱਚ ਡੇਰਾ ਲਾਉਣਗੇ। ਪੰਜਾਬ ਦੇ ਜ਼ਿਆਦਾਤਰ ਕੈਬਨਿਟ ਮੰਤਰੀਆਂ ਨੇ ਪਹਿਲਾਂ ਹੀ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿੱਚ ਨਗਰ ਨਿਗਮਾਂ ਦੀਆਂ ਮੇਅਰ ਚੋਣਾਂ ਤੋਂ ਬਾਅਦ ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵੀ ਅਗਲੇ ਹਫ਼ਤੇ ਤੋਂ ਉੱਥੇ ਚੋਣ ਪ੍ਰਚਾਰ ਸ਼ੁਰੂ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਵੀ ਵੀਰਵਾਰ ਨੂੰ ਦਿੱਲੀ ਪਹੁੰਚੇ ਤੇ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦੇ ਨਾਲ ਉਨ੍ਹਾਂ ਨੇ ਮੁੱਖ ਚੋਣ ਅਧਿਕਾਰੀ ਨਾਲ ਮੁਲਾਕਾਤ ਕੀਤੀ। ਉਹ ਵੀ ਜਲਦੀ ਹੀ ਮੁਹਿੰਮ ਵਿੱਚ ਕੁੱਦਣਗੇ। ਪਾਰਟੀ ਆਗੂਆਂ ਅਨੁਸਾਰ 20 ਜਨਵਰੀ ਤੋਂ ਬਾਅਦ ਸੀਐਮ ਮਾਨ ਦਿੱਲੀ ਵਿਧਾਨ ਸਭਾ ਹਲਕਿਆਂ ਵਿੱਚ ਲਗਾਤਾਰ ਰੈਲੀਆਂ ਕਰਨਗੇ। ਇਸ ਤੋਂ ਇਲਾਵਾ, ਇੱਕ ਰੋਡ ਸ਼ੋਅ ਵੀ ਆਯੋਜਿਤ ਕੀਤਾ ਜਾਵੇਗਾ ਜਿਸ ਵਿੱਚ ਉਹ ਪਾਰਟੀ ਮੁਖੀ ਕੇਜਰੀਵਾਲ ਦੇ ਨਾਲ ਚੋਣ ਪ੍ਰਚਾਰ ਕਰਨਗੇ।
ਸੀਐਮ ਮਾਨ ਤੋਂ ਇਲਾਵਾ 15 ਕੈਬਨਿਟ ਮੰਤਰੀ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਸੂਬੇ ਵਿੱਚ ਆਪਣੇ ਕੰਮ ਤੋਂ ਸਮਾਂ ਕੱਢ ਕੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਦਿੱਲੀ ਦੇ ਮਾਲਵੀਆ ਨਗਰ ਵਿੱਚ ਚੋਣ ਪ੍ਰਚਾਰ ਕੀਤਾ ਜਦੋਂ ਕਿ ਉਦਯੋਗ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਵੀ ਵੱਖ-ਵੱਖ ਥਾਵਾਂ ‘ਤੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਜਲਦੀ ਹੀ ਚੋਣ ਮੁਹਿੰਮ ਸ਼ੁਰੂ ਕਰਨਗੇ।
EDITED BY- HARLEEN KAUR