26 ਜਨਵਰੀ ਨੂੰ ਗੁਰਦਾਸਪੁਰ ‘ਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ
26 ਜਨਵਰੀ ਨੂੰ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਗੁਰਦਾਸਪੁਰ ਵਿਖੇ 76ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੌਮੀ ਝੰਡਾ ਲਹਿਰਾਉੁਣ ਦੀ ਰਸਮ ਅਦਾ ਕਰਨਗੇ।
ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਭਾਗ ਗਣਤੰਤਰ ਦਿਵਸ ਸਮਾਗਮ ਨੂੰ ਸਫਲ ਬਣਾਉਣ ਲਈ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਇਸ ਕੌਮੀ ਤਿਉਹਾਰ ਮੌਕੇ ਸ਼ਹਿਰਾਂ ਦੀ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਿਲ ਹੋਣਗੇ, ਜਿਨ੍ਹਾਂ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੌਮੀ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।
EDITED BY- HARLEEN KAUR