
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ 6-7 ਅਕਤੂਬਰ ਨੂੰ ਭਾਰੀ ਮੀਂਹ ਦੇ ਮੱਦੇਨਜ਼ਰ ਪੌਂਗ ਡੈਮ ਅਤੇ ਭਾਖੜਾ ਡੈਮ ਤੋਂ ਪਾਣੀ ਛੱਡਣ ਦਾ ਫੈਸਲਾ ਕੀਤਾ ਹੈ। ਬੋਰਡ ਵੱਲੋਂ ਅੱਜ ਸੱਦੀ ਐਮਰਜੈਂਸੀ ਮੀਟਿੰਗ ਵਿੱਚ ਭਲਕੇ ਸ਼ਨਿਚਰਵਾਰ ਨੂੰ 12 ਵਜੇ ਭਾਖੜਾ ਅਤੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਮੌਸਮ ਵਿਭਾਗ ਦੀ ਭਵਿੱਖਬਾਣੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਹੁਣ ਚੌਕਸੀ ਵਧਾ ਦਿੱਤੀ ਹੈ ਅਤੇ ਕਈ ਸਰਹੱਦੀ ਜ਼ਿਲ੍ਹਿਆਂ ਵਿੱਚ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਪੰਜਾਬ, ਜੰਮੂ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਜਿਸ ਦੇ ਨਾਲ ਪੰਜਾਬ ਵਿਚ ਮੁੜ ਹੜ੍ਹਾਂ ਦਾ ਖਤਰਾ ਬਣ ਗਿਆ ਹੈ।
ਪੰਜਾਬ ਲਈ ਅਕਤੂਬਰ ਦਾ ਪਹਿਲਾ ਹਫ਼ਤਾ ਚੁਣੌਤੀ ਭਰਿਆ ਰਹਿ ਸਕਦਾ ਹੈ। ਇਸ ਪਹਿਲੇ ਹਫ਼ਤੇ ਵਿੱਚ ਐਨਾ ਮੀਂਹ ਪੈਣ ਦੀ ਭਵਿੱਖਬਾਣੀ ਹੈ ਜਿੰਨਾ ਪਿਛਲੇ 80 ਵਰ੍ਹਿਆਂ ਵਿਚ ਕਦੇ ਦਰਜ ਨਹੀਂ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ 4 ਅਕਤੂਬਰ ਰਾਤ ਤੋਂ ਬਾਰਸ਼ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ 6-7 ਅਕਤੂਬਰ ਨੂੰ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦਾ ਅਨੁਮਾਨ ਹੈ। ਮੌਸਮ ਵਿਭਾਗ ਨੇ ਪੰਜਾਬ ਵਿਚ ਇਨ੍ਹਾਂ ਦੋ ਦਿਨਾਂ ਦੌਰਾਨ ਔਸਤ 110 ਮਿਲੀਮੀਟਰ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ਵਿੱਚ 6-7 ਅਕਤੂਬਰ ਨੂੰ ਭਾਰੀ ਮੀਂਹ ਪਵੇਗਾ। ਪੰਜਾਬ ਦੇ ਖ਼ਾਸ ਕਰ ਕੇ ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਰੋਪੜ, ਜਲੰਧਰ, ਲੁਧਿਆਣਾ, ਪਟਿਆਲਾ, ਮੋਗਾ, ਮਾਨਸਾ, ਗੁਰਦਾਸਪੁਰ, ਬਰਨਾਲਾ ਤੇ ਬਠਿੰਡਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਅਨੁਸਾਰ, 3, 4, 5, 6, 7 ਅਤੇ 8 ਅਕਤੂਬਰ ਨੂੰ ਉੱਤਰ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਸਮੇਤ ਦੇਸ਼ ਭਰ ਦੇ ਕਈ ਰਾਜਾਂ ਵਿੱਚ ਭਾਰੀ ਬਾਰਿਸ਼ ਹੋਵੇਗੀ। ਇਸ ਸੰਬੰਧੀ ਅਲਰਟ ਜਾਰੀ ਕੀਤਾ ਗਿਆ ਹੈ।



