
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਅਗਲੇ 3 ਦਿਨ ਲੋਕਾਂ ਨੂੰ ਕੜੀ ਠੰਢ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਵੱਲੋਂ ਸ਼ੀਤ ਲਹਿਰ ਅਤੇ ਸੰਘਣੇ ਕੋਹਰੇ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਮੌਸਮ ਸੁੱਕਾ ਰਹੇਗਾ। ਇਸ ਦੌਰਾਨ ਵੱਧ ਤੋਂ ਵੱਧ ਅਤੇ ਘੱਟ ਤੋਂ ਘੱਟ ਤਾਪਮਾਨ ਵਿੱਚ ਵੀ ਕਮੀ ਆਉਣੀ ਸ਼ੁਰੂ ਹੋ ਗਈ ਹੈ।
ਪਿਛਲੇ 24 ਘੰਟਿਆਂ ਦੌਰਾਨ ਰਾਜ ਦੇ ਘੱਟ ਤੋਂ ਘੱਟ ਤਾਪਮਾਨ ਵਿੱਚ 1.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਰਾਜ ਵਿੱਚ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 4.3 ਡਿਗਰੀ ਦਰਜ ਕੀਤਾ ਗਿਆ। ਆਦਮਪੁਰ ਵਿੱਚ ਸ਼ੀਤ ਲਹਿਰ, ਜਦਕਿ ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਸੰਘਣਾ ਕੋਹਰਾ ਦਰਜ ਕੀਤਾ ਗਿਆ ਹੈ। ਇਸ ਕਾਰਨ ਚੰਡੀਗੜ੍ਹ ਏਅਰਪੋਰਟ ਤੋਂ ਜਾਣ ਵਾਲੀਆਂ 6 ਫਲਾਈਟਾਂ ਪ੍ਰਭਾਵਿਤ ਹੋਈਆਂ ਹਨ।
ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਨਵਾਂਸ਼ਹਿਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਬਹੁਤ ਸੰਘਣਾ ਕੋਹਰਾ ਪੈਣ ਦੀ ਸੰਭਾਵਨਾ ਹੈ।
ਉੱਥੇ ਹੀ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜਿਲਕਾ, ਫਰੀਦਕੋਟ, ਮੁਕਤਸਰ ਅਤੇ ਬਠਿੰਡਾ ਵਿੱਚ ਮੌਸਮ ਸੁੱਕਾ ਰਹਿਣ ਦੇ ਨਾਲ ਸੰਘਣਾ ਕੋਹਰਾ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਸੰਘਣੇ ਕੋਹਰੇ ਕਾਰਨ ਵਿਜ਼ੀਬਿਲਿਟੀ 50 ਤੋਂ 199 ਮੀਟਰ ਤੱਕ ਰਹੀ, ਜਿਸ ਨਾਲ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਉੱਥੇ ਹੀ ਮੌਸਮ ਵਿਭਾਗ ਅਨੁਸਾਰ 27 ਦਸੰਬਰ 2025 ਨੂੰ ਇੱਕ ਨਵਾਂ ਕਮਜ਼ੋਰ ਵੈਸਟਨ ਡਿਸਟਰਬਨ ਸਰਗਰਮ ਹੋ ਰਿਹਾ ਹੈ, ਜਿਸ ਕਾਰਨ ਮੀਂਹ ਦੀ ਸੰਭਾਵਨਾ ਘੱਟ ਹੈ। ਹਾਲਾਂਕਿ 30 ਅਤੇ 31 ਦਸੰਬਰ ਨੂੰ ਹੋਰ ਵੈਸਟਨ ਡਿਸਟਰਬਨ ਆ ਸਕਦਾ ਹੈ, ਜਿਸ ਨਾਲ ਹਿਮਾਲਈ ਖੇਤਰ ਵਿੱਚ ਬਰਫ਼ਬਾਰੀ ਦੀ ਸੰਭਾਵਨਾ ਬਣ ਸਕਦੀ ਹੈ।
ਇਸ ਤੋਂ ਇਲਾਵਾ, 1 ਤਰੀਖ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਰੂਪਨਗਰ, ਜਲੰਧਰ, ਪਟਿਆਲਾ, ਲੁਧਿਆਣਾ ਅਤੇ ਮੋਹਾਲੀ ਸ਼ਾਮਲ ਹਨ। ਹਾਲਾਂਕਿ ਇਸ ਵਿੱਚ ਬਦਲਾਅ ਵੀ ਹੋ ਸਕਦਾ ਹੈ।
EDITED BY- HARLEEN KAUR




