टॉप न्यूज़

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ‘ਤੇ ਬਿਆਨ ਨਾਲ ਭਖਿਆ ਵਿਵਾਦ

ਸਿੱਖ ਭਾਈਚਾਰੇ 'ਚ ਗੁੱਸਾ

ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿੱਚ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੂੰ ਲੈਕੇ ਦਿੱਤੇ ਗਏ ਬਿਆਨ ‘ਤੇ ਰਾਜਨੀਤਿਕ ਅਤੇ ਸੰਪਰਦਾਇਕ ਹਲਕਿਆਂ ਵਿੱਚ ਭਾਰੀ ਰੋਸ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਿਆਨ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਇਸ ਨੂੰ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਘਟੀਆ ਅਤੇ ਇਤਰਾਜ਼ਯੋਗ ਸੋਚ ਦਾ ਪ੍ਰਤੀਕ ਦੱਸਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਆਤਿਸ਼ੀ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਂਦੀਆਂ ਹਨ ਅਤੇ ਸਿੱਖ ਭਾਈਚਾਰਾ ਇਨ੍ਹਾਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਯਾਦ ਦਿਵਾਇਆ ਕਿ ਨੌਵੇਂ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰੱਖਿਆ ਲਈ ਦਿੱਲੀ ਵਿੱਚ ਇੱਕ ਮਹਾਨ ਕੁਰਬਾਨੀ ਦਿੱਤੀ ਸੀ, ਇੱਕ ਅਜਿਹੀ ਕੁਰਬਾਨੀ ਜਿਸਨੂੰ ਪੂਰਾ ਸੰਸਾਰ ਸ਼ਰਧਾ ਅਤੇ ਸਤਿਕਾਰ ਨਾਲ ਯਾਦ ਕਰਦਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਵਰਗੇ ਪਵਿੱਤਰ ਲੋਕਤੰਤਰੀ ਮੰਚ ‘ਤੇ ਗੁਰੂ ਸਾਹਿਬਾਨ ਵਿਰੁੱਧ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਨਾ ਸਿਰਫ਼ ਮੰਦਭਾਗੀ ਹੈ ਬਲਕਿ ਆਮ ਆਦਮੀ ਪਾਰਟੀ ਦੀ ਮਾਨਸਿਕਤਾ ਨੂੰ ਵੀ ਉਜਾਗਰ ਕਰਦੀ ਹੈ। ਉਨ੍ਹਾਂ ਸਵਾਲ ਕੀਤਾ ਕੀ ਰਾਜਨੀਤਿਕ ਲਾਭ ਲਈ ਧਾਰਮਿਕ ਭਾਵਨਾਵਾਂ ਨਾਲ ਛੇੜਛਾੜ ਕਰਨਾ ਜਾਇਜ਼ ਹੈ।

ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਦਿੱਲੀ ਵਿਧਾਨ ਸਭਾ ਦੇ ਸਪੀਕਰ ਆਤਿਸ਼ੀ ਦੀ ਮੈਂਬਰਸ਼ਿਪ ਤੁਰੰਤ ਰੱਦ ਕਰਨ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਨੂੰ ਇਹ ਵੀ ਸਵਾਲ ਕੀਤਾ ਕਿ ਕੀ ਪਾਰਟੀ ਆਗੂ ਵਿਰੁੱਧ ਸਖ਼ਤ ਕਾਰਵਾਈ ਕਰੇਗੀ ਜਾਂ ਅਜਿਹੇ ਬਿਆਨਾਂ ‘ਤੇ ਚੁੱਪ ਰਹੇਗੀ।

ਉਨ੍ਹਾਂ ਸਾਫ ਤੌਰ ‘ਤੇ ਕਿਹਾ ਕਿ ਸਿੱਖ ਭਾਈਚਾਰਾ ਗੁਰੂ ਸਾਹਿਬਾਨ ਦੀ ਬੇਅਦਬੀ ਨੂੰ ਬਰਦਾਸ਼ਤ ਨਹੀਂ ਕਰੇਗਾ। ਜੇਕਰ ਸਮੇਂ ਸਿਰ ਢੁਕਵੀਂ ਕਾਰਵਾਈ ਨਾ ਕੀਤੀ ਗਈ ਤਾਂ ਵਿਆਪਕ ਵਿਰੋਧ ਪ੍ਰਦਰਸ਼ਨ ਹੋਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਧਾਰਮਿਕ ਮੁੱਦਿਆਂ ‘ਤੇ ਬਿਆਨ ਦਿੰਦੇ ਸਮੇਂ ਮਰਿਆਦਾ ਅਤੇ ਸਤਿਕਾਰ ਬਣਾਈ ਰੱਖਣ ਦੀ ਅਪੀਲ ਕੀਤੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!